ਪ੍ਰਧਾਨ ਮੰਤਰੀ ਮੋਦੀ ਦੀ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ : ਪਵਾਰ

ਪ੍ਰਧਾਨ ਮੰਤਰੀ ਮੋਦੀ ਦੀ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ : ਪਵਾਰ
ਮੋਦੀ ਆਪਣੀ ਗੱਲ ’ਤੇ ਕਾਇਮ ਨਹੀਂ, ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਇਕੋ ਵੇਲੇ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ: ਪਵਾਰ
ਨਾਗਪੁਰ, 17 ਅਗਸਤ : ਰਾਸ਼ਟਰਵਾਦੀ ਕਾਂਗਰਸ ਪਾਰਟੀ (ਸ਼ਰਦਚੰਦਰ ਪਵਾਰ) ਦੇ ਮੁਖੀ ਸ਼ਰਦ ਪਵਾਰ ਨੇ ਅੱਜ ਹੈਰਾਨੀ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਇਕ ਦੇਸ਼, ਇਕ ਚੋਣ’ ‘ਤੇ ਜ਼ੋਰ ਦੇਣ ਦੇ ਬਾਵਜੂਦ ਆਗਾਮੀ ਰਾਜ ਚੋਣਾਂ ਇੱਕੋ ਵੇਲੇ ਕਿਉਂ ਨਹੀਂ ਕਰਵਾਈਆਂ ਜਾ ਰਹੀਆਂ ਹਨ। ਸ੍ਰੀ ਪਵਾਰ ਨੇ ਇਥੇ ਸਮਾਗਮ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਗੱਲ ਵਿੱਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਨੇ ਆਪਣੇ ਸੁਤੰਤਰਤਾ ਦਿਵਸ ਭਾਸ਼ਨ ‘ਚ ਇਕ ਦੇਸ਼ ਇਕ ਚੋਣ ਦੀ ਵਕਾਲਤ ਕੀਤੀ ਸੀ। ਚੋਣ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ‘ਚ ਤਿੰਨ ਪੜਾਵਾਂ ‘ਚ ਅਤੇ ਹਰਿਆਣਾ ‘ਚ ਸਤੰਬਰ-ਅਕਤੂਬਰ ‘ਚ ਇਕ ਪੜਾਅ ‘ਚ ਵੋਟਿੰਗ ਕਰਵਾਉਣ ਦਾ ਐਲਾਨ ਕੀਤਾ ਸੀ। ਜੰਮੂ-ਕਸ਼ਮੀਰ ਚੋਣਾਂ ਲਈ ਵਾਧੂ ਸੁਰੱਖਿਆ ਬਲਾਂ ਦੀ ਲੋੜ ਅਤੇ ਮਹਾਰਾਸ਼ਟਰ ਵਿੱਚ ਤਿਉਹਾਰਾਂ ਦੌਰਾਨ ਭੀੜ ਹੋਣ ਦਾ ਹਵਾਲਾ ਦਿੰਦੇ ਹੋਏ ਕਮਿਸ਼ਨ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਸ੍ਰੀ ਪਵਾਰ ਨੇ ਕਿਹਾ, ‘ਦੋ ਰਾਜਾਂ (ਜੰਮੂ-ਕਸ਼ਮੀਰ ਅਤੇ ਹਰਿਆਣਾ) ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ ਹੈ ਪਰ ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਸ ਲਈ ਪ੍ਰਧਾਨ ਮੰਤਰੀ ਸ਼ਬਦਾਂ ਵਿੱਚ ਕੋਈ ਸੱਚਾਈ ਨਹੀਂ ਹੈ।’
