ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ: ਡਾ. ਬਲਜੀਤ ਕੌਰ

ਦੁਆਰਾ: News ਪ੍ਰਕਾਸ਼ਿਤ :Friday, 24 March, 2023, 06:59 PM

ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ
ਚੰਡੀਗੜ੍ਹ, 24 ਮਾਰਚ
ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭੱਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ ‘ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ।
ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ।
ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।