ਸਾਬਕਾ ਸੈਨਿਕਾਂ ਨੂੰ ਭਗਵੰਤ ਮਾਨ ਸਰਕਾਰ ਦਾ ਵੱਡਾ ਤੋਹਫਾ: ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਯੋਗ ਹੋਣਗੇ
ਸਾਬਕਾ ਸੈਨਿਕ ਦੇਸ਼ ਦਾ ਵਡਮੁੱਲਾ ਸਰਮਾਇਆ: ਚੇਤਨ ਸਿੰਘ ਜੌੜਾਮਾਜਰਾ
ਸਾਬਕਾ ਸੈਨਿਕਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਕੈਬਨਿਟ ਮੰਤਰੀ
ਸਾਬਕਾ ਸੈਨਿਕਾਂ ਨੂੰ ਸੇਵਾਮੁਕਤੀ ਉਪਰੰਤ ਨੌਕਰੀ ਦੇਣ ਲਈ ਮਾਨ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ
ਚੰਡੀਗੜ੍ਹ, 27 ਮਾਰਚ:
ਭਗਵੰਤ ਮਾਨ ਸਰਕਾਰ ਉਨ੍ਹਾਂ ਸਾਬਕਾ ਸੈਨਿਕਾਂ ਨੂੰ ਮੁੱਖ ਤਰਜੀਹ ਦਿੰਦੀ ਹੈ, ਜਿਨ੍ਹਾਂ ਲੰਮੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਅਤੇ ਸਾਡੇ ਦੇਸ਼ ਦਾ ਵਡਮੁੱਲਾ ਸਰਮਾਇਆ ਹਨ। ਅਜਿਹੇ ਸੈਨਿਕਾਂ ਨੂੰ ਸਨਮਾਨਜਨਕ ਨੌਕਰੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਾਬਕਾ ਸੈਨਿਕਾਂ ਨੂੰ ਗ੍ਰੈਜੂਏਸ਼ਨ ਡਿਗਰੀ ਦੇਣ ਲਈ ਡਾਇਰੈਕਟੋਰੇਟ ਆਫ਼ ਡਿਫੈਂਸ ਸਰਵਿਸ ਵੈਲਫੇਅਰ ਪੰਜਾਬ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ 27 ਮਾਰਚ, 2023 ਨੂੰ ਇੱਕ ਇਤਿਹਾਸਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ।
ਇਸ ਸਬੰਧੀ ਪੰਜਾਬ ਭਵਨ ਵਿਖੇ ਇੱਕ ਰਸਮੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ, ਜੇ.ਐਮ.ਬਾਲਮੁਰਗਨ, ਆਈ.ਏ.ਐਸ., ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ), ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲਗਾਤਾਰ ਯਤਨਾਂ ਸਦਕਾ ਇਸ ਸਹਿਮਤੀ ਪੱਤਰ ਨਾਲ ਪੰਜਾਬ ਦੇ ਯੋਗ ਸਾਬਕਾ ਸੈਨਿਕਾਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਬੈਚਲਰ ਆਫ਼ ਆਰਟਸ (ਰੱਖਿਆ ਅਤੇ ਰਣਨੀਤਕ ਅਧਿਐਨ) ਵਿੱਚ ਗ੍ਰੈਜੂਏਸ਼ਨ ਸਰਟੀਫਿਕੇਟ ਦੀ ਡਿਗਰੀ ਪ੍ਰਦਾਨ ਕੀਤੀ ਜਾਵੇਗੀ ਅਤੇ ਇਸ ਡਿਗਰੀ ਸਦਕਾ ਉਹ ਗਰੁੱਪ ਏ ਅਤੇ ਬੀ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੇ ਯੋਗ ਹੋ ਜਾਣਗੇ। ਇਸ ਤੋਂ ਪਹਿਲਾਂ ਸੇਵਾਮੁਕਤੀ ਸਮੇਂ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਵੱਲੋਂ ਦਿੱਤੇ ਵਿਸ਼ੇਸ਼ ਸਿੱਖਿਆ ਸਰਟੀਫਿਕੇਟ ਨਾਲ ਉਹ ਸਿਰਫ਼ ਗਰੁੱਪ ਸੀ ਅਤੇ ਡੀ ਦੀਆਂ ਅਸਾਮੀਆਂ ਲਈ ਹੀ ਅਪਲਾਈ ਕਰ ਸਕਦੇ ਸਨ।
ਇਸ ਉਪਰੰਤ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਐਸ.ਏ.ਐਸ.ਨਗਰ ਵਿਖੇ ਹੋਏ ਇੱਕ ਸੰਖੇਪ ਪ੍ਰੋਗਰਾਮ ਦੌਰਾਨ ਦਿਵਿਆਂਗ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਵਧਾ ਕੇ ਇੱਕ ਕਰੋੜ ਰੁਪਏ ਕਰ ਦਿੱਤੀ ਗਈ ਹੈ ਅਤੇ ਹਾਲ ਹੀ ਵਿੱਚ ਸ਼ਹੀਦਾਂ ਦੇ 12 ਪਰਿਵਾਰਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਮੁਕੰਮਲ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ।