ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ

ਦੁਆਰਾ: Punjab Bani ਪ੍ਰਕਾਸ਼ਿਤ :Monday, 02 September, 2024, 06:12 PM

ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ 20 ਸਤੰਬਰ ਤੱਕ ਕਰਵਾਇਆ ਜਾ ਰਿਹੈ ਘਰ-ਘਰ ਸਰਵੇਖਣ: ਜ਼ਿਲ੍ਹਾ ਚੋਣ ਅਫ਼ਸਰ
ਸੰਗਰੂਰ, 2 ਸਤੰਬਰ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਲਈ ਬੂਥ ਲੈਵਲ ਅਫ਼ਸਰਾਂ ਰਾਹੀਂ 20 ਸਤੰਬਰ 2024 ਤੱਕ ਘਰ-ਘਰ ਸਰਵੇਖਣ ਕਰਵਾਇਆ ਜਾ ਰਿਹਾ ਹੈ। ਇਸ ਸਰਵੇਖਣ ਦਾ ਮਕਸਦ ਵੋਟਰਾਂ ਦੇ ਵੇਰਵਿਆਂ ’ਚ ਕੋਈ ਤਰੁੱਟੀ ਨਾ ਛੱਡਣਾ ਹੈ। ਉਨ੍ਹਾਂ ਦੱਸਿਆ ਕਿ ਇਹ ਸਰਵੇਖਣ 20 ਅਗਸਤ 2024 ਤੋਂ ਆਰੰਭ ਹੋਇਆ ਹੈ ਅਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਘਰ-ਘਰ ਜਾ ਕੇ ਮੌਜੂਦਾ ਵੋਟਰ ਸੂਚੀ ’ਚ ਦਰਜ ਵੋਟਰਾਂ ਦੀ ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤੇ ਇਹ ਕੰਮ ਬੂਥ ਲੈਵਲ ਅਫ਼ਸਰਾਂ ਵੱਲੋਂ ਬੀ.ਐਲ.ਓ ਐਪ ਰਾਹੀਂ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀ ’ਚ ਪਹਿਲਾਂ ਤੋਂ ਦਰਜ ਵੇਰਵਿਆਂ ਨੂੰ ਚੈੱਕ ਕਰਨ ਤੋਂ ਇਲਾਵਾ ਸਰਵੇ ਦੌਰਾਨ ਯੋਗ ਵਿਅਕਤੀ, ਜਿਹੜੇ ਵੋਟਰ ਸੂਚੀ ’ਚ ਦਰਜ ਨਹੀਂ ਹਨ, ਸੰਭਾਵਿਤ ਵੋਟਰਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2025 ਦੇ ਆਧਾਰ ’ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਵੀ ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਮਿਤੀ 29 ਅਕਤੂਬਰ 2024 ਨੂੰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਤੇ ਨਵੀਂ ਵੋਟ ਬਣਵਾਉਣ, ਵੋਟ ਕਟਵਾਉਣ ਜਾਂ ਪਹਿਲਾਂ ਬਣੀ ਵੋਟ ’ਚ ਸੋਧ ਕਰਵਾਉਣ, ਰਿਹਾਇਸ਼ ਤਬਦੀਲ ਸਬੰਧੀ ਆਮ ਲੋਕਾਂ ਪਾਸੋਂ 28 ਨਵੰਬਰ 2024 ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਮਿਤੀ 09 ਨਵੰਬਰ 2024 ਤੇ 10 ਨਵੰਬਰ 2024 (ਦਿਨ ਸ਼ਨੀਵਾਰ ਤੇ ਐਤਵਾਰ) ਅਤੇ ਮਿਤੀ 23 ਨਵੰਬਰ 2024 ਤੇ 24 ਨਵੰਬਰ 2024 (ਦਿਨ ਸ਼ਨੀਵਾਰ ਤੇ ਐਤਵਾਰ) ਨੂੰ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ, ਜਿਸ ਦੌਰਾਨ ਬੀ.ਐਲ.ਓ. ਆਪਣੇ ਪੋਲਿੰਗ ਬੂਥਾਂ ’ਤੇ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਮੌਜੂਦ ਰਹਿ ਕੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਦਾਇਰ ਕੀਤੇ ਇਤਰਾਜ਼ਾਂ ਦਾ ਨਿਪਟਾਰਾ ਸਬੰਧਤ ਈ.ਆਰ.ਓਜ਼ ਵੱਲੋਂ ਮਿਤੀ 29 ਅਕਤੂਬਰ 2024 ਤੋਂ 24 ਦਸੰਬਰ 2024 ਤੱਕ ਕੀਤਾ ਜਾਵੇਗਾ ਤੇ ਮਿਤੀ 6 ਜਨਵਰੀ 2025 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰਵਾਈ ਜਾਵੇਗੀ। ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹੇ ’ਚ ਲਗਾਤਾਰ ਸਵੀਪ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਤੰਤਰੀ ਪ੍ਰਕਿਰਿਆ ’ਚ ਸੌ ਫੀਸਦੀ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ 01 ਅਕਤੂਬਰ 2024 ਤੇ 01 ਜਨਵਰੀ 2025 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋਣ ਵਾਲੇ ਨੌਜਵਾਨ ਆਪਣੀਆਂ ਵੋਟਾਂ ਜ਼ਰੂਰ ਬਣਵਾਉਣ।