ਪ੍ਰਸ਼ਾਸਨ ਨੇ ਸੰਗਰੂਰ ਅਨਾਜ ਮੰਡੀ ਵਿਖੇ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਪ੍ਰਸ਼ਾਸਨ ਨੇ ਸੰਗਰੂਰ ਅਨਾਜ ਮੰਡੀ ਵਿਖੇ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਕਰਵਾਈ
ਸੰਗਰੂਰ, 20 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਦੇ ਦਖਲ ਨਾਲ ਅੱਜ ਸਥਾਨਕ ਅਨਾਜ ਮੰਡੀਆਂ ਵਿੱਚ ਬਾਸਮਤੀ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਰਕਿਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਨੇ ਦੱਸਿਆ ਕਿ ਆੜ੍ਹਤੀਆਂ ਅਤੇ ਬਾਸਮਤੀ ਮਿਲਰ ਐਸੋਸੀਏਸ਼ਨ ਨਾਲ ਸਬੰਧਤ ਪ੍ਰਾਈਵੇਟ ਵਪਾਰੀਆਂ ਵਿੱਚ ਬਾਸਮਤੀ ਦੀ ਖਰੀਦ ਨੂੰ ਲੈ ਕੇ ਹੋਏ ਮਸਲੇ ਨੂੰ ਸਾਰੀਆਂ ਧਿਰਾਂ ਦੀ ਸਹਿਮਤੀ ਨਾਲ ਸੁਲਝਾ ਲਿਆ ਗਿਆ ਹੈ । ਇਸ ਮੌਕੇ ਚੇਅਰਮੈਨ ਈਲਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿੱਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੇ ਦਾਣੇ ਦਾਣੇ ਦੀ ਖਰੀਦ ਅਤੇ ਚੁਕਾਈ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਲਈ ਸਪੱਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ । ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਫ਼ਸਲ ਦੀ ਸਹੀ ਮੁੱਲ ਲੈਣ ਲਈ ਉਹ ਸੁਕਾ ਕੇ ਹੀ ਇਸਦੀ ਵਾਢੀ ਕਰਨ ਅਤੇ ਖੇਤਾਂ ਵਿੱਚ ਬਚਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹਰ ਹੀਲੇ ਪ੍ਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਰਾਲੀ ਦੇ ਯੋਗ ਨਿਬੇੜੇ ਲਈ ਮਸ਼ੀਨਰੀ ‘ਤੇ ਸਬਸਿਡੀ ਮੁਹੱਈਆ ਕਰਵਾਈ ਗਈ ਹੈ ਜਿਸਦਾ ਫਾਇਦਾ ਚੁੱਕ ਕੇ ਕਿਸਾਨ ਕੁਦਰਤੀ ਢੰਗ ਨਾਲ ਹੀ ਅਗਲੀ ਫਸਲ ਲਈ ਖੇਤ ਤਿਆਰ ਕਰ ਸਕਦੇ ਹਨ । ਇਸ ਮੌਕੇ ਸਕੱਤਰ ਮਾਰਕਿਟ ਕਮੇਟੀ ਨਰਿੰਦਰਪਾਲ, ਬਘੇਲ ਸਿੰਘ ਤੇ ਗੁਰਪ੍ਰੀਤ ਸਿੰਘ ਦੋਵੇਂ ਮੰਡੀ ਸੁਪਰਵਾਈਜ਼ਰ, ਸ਼ਿਸ਼ਨ ਕੁਮਾਰ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਤੇ ਨੁਮਾਇੰਦੇ, ਅਕਸ਼ੇ ਕੁਮਾਰ, ਦੀਪਕ ਕੁਮਾਰ, ਸੁਭਾਸ਼ ਚੰਦ ਤੇ ਪ੍ਰਾਈਵੇਟ ਵਪਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ, ਪੱਲੇਦਾਰ ਆਦਿ ਹਾਜ਼ਰ ਸਨ ।
