ਹਰੇਕ ਸਿੱਖ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਆਪਣਾ ਯੋਗਦਾਨ ਪਾਵੇ : ਪ੍ਰੋ. ਬਡੂੰਗਰ

ਹਰੇਕ ਸਿੱਖ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਆਪਣਾ ਯੋਗਦਾਨ ਪਾਵੇ : ਪ੍ਰੋ. ਬਡੂੰਗਰ
ਪਟਿਆਲਾ, 21 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਬਣ ਰਹੀਆਂ ਵੋਟਾਂ ਦੀ ਦਰ ਪ੍ਰਤੀਸ਼ਤਾ ਘੱਟ ਹੋਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਹਰੇਕ ਸਿੱਖ ਨੂੰ ਆਪਣਾ ਮੌਲਿਕ ਅਧਿਕਾਰ ਸਮਝਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਵਾਉਣ ਵਿੱਚ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ । ਉਹਨਾਂ ਕਿਹਾ ਕਿ ਦੁਨੀਆਂ ਵਿੱਚ ਕੇਵਲ ਤੇ ਕੇਵਲ ਇੱਕ ਹੀ ਧਾਰਮਿਕ ਸੰਸਥਾ ਹੈ ਜਿਸ ਦਾ ਪ੍ਰਬੰਧ ਖਾਲਸਾ ਪੰਥ ਆਪਣੀ ਵੋਟ ਪਾ ਕੇ ਚੁਣ ਸਕਦਾ ਹੈ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵਾਰ-ਵਾਰ ਵੋਟਾਂ ਬਣਾਉਣ ਦੀਆਂ ਮਿਤੀਆਂ ਵਿੱਚ ਵਾਧਾ ਕਰਨ ਦੇ ਬਾਵਜੂਦ ਵੀ ਵੋਟਾਂ ਬਣਾਉਣ ਵਿੱਚ ਸੰਗਤ ਦਾ ਉਤਸ਼ਾਹ ਕਾਫੀ ਘੱਟ ਦੇਖਣ ਨੂੰ ਮਿਲ ਰਿਹਾ ਹੈ। ਪ੍ਰੋਫੈਸਰ ਬਡੁੰਗਰ ਨੇ ਸੰਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਹਰੇਕ ਸਿੱਖ ਨੂੰ ਆਪਣੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੋਟ ਜਰੂਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਵਿੱਚ ਵੱਡੇ ਪੱਧਰ ਤੇ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ । ਨਾ ਨਾਲ ਹੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਸੰਗਤੀ ਪ੍ਰਬੰਧ ਹੈ ਅਤੇ ਸੰਗਤ ਦੇ ਸਹਿਯੋਗ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਅਤੇ ਹੋਰ ਸਾਰੇ ਧਾਰਮਿਕ ਕਾਰਜਾਂ ਸਮੇਤ ਲੋੜਵੰਦਾਂ ਦੀ ਮਦਦ ਦੇ ਨਾਲ ਨਾਲ ਜਿੱਥੇ ਕਿਤੇ ਵੀ ਕੁਦਰਤੀ ਕਰੋਪੀਆਂ ਆਈਆਂ ਉੱਥੇ ਮਦਦ ਕਰਨ ਵਿੱਚ ਹਮੇਸ਼ਾ ਮੋਹਰੀ ਹੋ ਕੇ ਸੇਵਾ ਕਾਰਜਾਂ ਵਿੱਚ ਯੋਗਦਾਨ ਪਾਇਆ ਹੈ ।
