ਆਮ ਆਦਮੀ ਪਾਰਟੀ ਆਗੂ ਦੇ ਕਤਲ ਮਾਮਲੇ ਵਿਚ ਅਕਾਲੀ ਆਗੂ ਗ੍ਰਿ

ਦੁਆਰਾ: Punjab Bani ਪ੍ਰਕਾਸ਼ਿਤ :Saturday, 14 September, 2024, 04:48 PM

ਆਮ ਆਦਮੀ ਪਾਰਟੀ ਆਗੂ ਦੇ ਕਤਲ ਮਾਮਲੇ ਵਿਚ ਅਕਾਲੀ ਆਗੂ ਗ੍ਰਿਫਤਾਰ ਤੇ ਭਰਾ ਫਰਾਰ
ਚੰਡੀਗੜ੍ਹ : ਪੰਜਾਬ ਦੇ ਸ਼ਹਿਰ ਖੰਨਾ ਵਿਖੇ 9 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਜਿਸ ਕਿਸਾਨ ਵਿੰਗ ਦੇ ਆਗੂ ਤ੍ਰਿਲੋਚਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ਦੇ ਮਾਮਲੇ ਵਿੱਚ ਦੂਜੇ ਮੁਲਜ਼ਮ ਅਕਾਲੀ ਆਗੂ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਜਦੋਂਕਿ ਉਸ ਦਾ ਭਰਾ ਕੁਲਵਿੰਦਰ ਸਿੰਘ ਹਾਲੇ ਫਰਾਰ ਹੈ।ਸਦਰ ਥਾਣੇ ਦੇ ਐਸ. ਐਚ. ਓ. ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਮੁਲਜ਼ਮ ਅਜੇ ਫਰਾਰ ਹੈ ਜਿਸ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਆਮ ਆਦਮੀ ਪਾਰਟੀ ਦੇ ਆਗੂ ਤ੍ਰਿਲੋਚਨ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਉਸੇ ਦਿਨ ਉਸ ਦੀ ਲਾਸ਼ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਸ਼ਰਤ ਰੱਖੀ ਸੀ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ ।
ਦੋਸ਼ੀ ਦੀ ਗ੍ਰਿਫਤਾਰੀ ਤੋਂ ਬਾਅਦ ਸ਼ਨੀਵਾਰ ਸਵੇਰੇ ਪਰਿਵਾਰਕ ਮੈਂਬਰਾਂ ਨੇ ਲਾਸ਼ ਦਾ ਪੋਸਟਮਾਰਟਮ ਕਰਵਾਇਆ। ਜਦੋਂਕਿ ਖੰਨਾ ਪੁਲਿਸ ਜ਼ਿਲ੍ਹੇ ਦੇ ਐਸਪੀ ਡੀ ਸੌਰਭ ਜਿੰਦਲ ਨੇ ਸਿਆਸਤ ਕਾਰਨ ਕਤਲ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ।ਤ੍ਰਿਲੋਚਨ ਸਿੰਘ ਨੇ ਪਿਛਲੀ ਵਾਰ ਵੀ ਪਿੰਡ ਵਿੱਚ ਸਰਪੰਚ ਦੀ ਚੋਣ ਲੜੀ ਸੀ ਪਰ ਉਹ ਹਾਰ ਗਏ ਸਨ। ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੂੰ ਪਾਰਟੀ ਦੇ ਕਿਸਾਨ ਵਿੰਗ ਦਾ ਪ੍ਰਧਾਨ ਬਣਾਇਆ ਗਿਆ। ਇਸ ਵਾਰ ਵੀ ਤ੍ਰਿਲੋਚਨ ਸਿੰਘ ਪਿੰਡ ਵਿੱਚ ਸਰਪੰਚ ਦੀ ਚੋਣ ਲੜਨ ਦੀ ਤਿਆਰੀ ਕਰ ਰਿਹਾ ਸੀ। ਇਸ ਦੌਰਾਨ ਉਸ ਦਾ ਕਤਲ ਕਰ ਦਿੱਤਾ ਗਿਆ। ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਕਈ ਦਿਨਾਂ ਤੋਂ ਭਾਲ ਕੀਤੀ ਜਾ ਰਹੀ ਸੀ। ਸਾਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਖੰਨਾ ਦੇ ਆਸਪਾਸ ਦੇ ਇਲਾਕੇ ਵਿੱਚ ਲੁਕਿਆ ਹੋਇਆ ਹੈ। ਇਸ ਮਗਰੋਂ ਛਾਪੇਮਾਰੀ ਕਰਕੇ ਮੁਲਜ਼ਮ ਤੇਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਪੁਲੀਸ ਨੇ ਇਸ ਮਾਮਲੇ ਦੇ ਇੱਕ ਮੁਲਜ਼ਮ ਰਣਜੀਤ ਸਿੰਘ ਨੂੰ ਲਾਇਸੰਸੀ ਰਿਵਾਲਵਰ ਸਮੇਤ ਗ੍ਰਿਫ਼ਤਾਰ ਕੀਤਾ ਸੀ।