ਨੌਜ਼ਵਾਨਾਂ ਦੇ ਆਪਸੀ ਝਗੜੇ ਵਿਚ ਚੱਲੀ ਗੋਲੀ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 September, 2024, 01:10 PM

ਨੌਜ਼ਵਾਨਾਂ ਦੇ ਆਪਸੀ ਝਗੜੇ ਵਿਚ ਚੱਲੀ ਗੋਲੀ
ਬਟਾਲਾ : ਪੰਜਾਬ ਦੇ ਸ਼ਹਿਰ ਬਟਾਲਾ ਦੇ ਰਾਧਾ ਕ੍ਰਿਸ਼ਨ ਕਾਲੋਨੀ ਵਿਖੇ ਵੀਰਵਾਰ ਨੂੰ ਨੌਜਵਾਨਾਂ ਵੱਲੋਂ ਆਪਸੀ ਝਗੜੇ ਤੋਂ ਬਾਅਦ ਇੱਕ ਨੌਜਵਾਨ ਨੂੰ ਗੋਲੀ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੋਲੀ ਲੱਗਣ ਨਾਲ ਨੌਜਵਾਨ ਦੀ ਹਾਲਤ ਗੰਭੀਰ ਹੋਣ ਮਗਰੋਂ ਉਸਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨੂੰ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਜਾਣਕਾਰੀਆਂ ਅਨੁਸਾਰ ਰਸਤੇ `ਚ ਜਾਂਦਿਆਂ ਉਕਤ ਨੌਜਵਾਨ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਬੰਧੀ ਪੁਲਿਸ ਨੇ ਕੁਝ ਵੀ ਜਾਣਕਾਰੀ ਨਹੀਂ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਦਮਨ ਗੁਰਾਇਆ ਵਜੋਂ ਹੋਈ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਸੱਚਾਈ ਜਲਦੀ ਸਾਹਮਣੇ ਲਿਆਂਦੀ ਜਾਵੇਗੀ। ਉਧਰ ਮਿਲੀ ਜਾਣਕਾਰੀ ਅਨੁਸਾਰ ਜਿਸ ਕਾਲੋਨੀ ਵਿੱਚ ਗੋਲੀ ਚੱਲੀ ਹੈ ਉੱਥੇ ਇੱਕ ਰਾਜਨੀਤਿਕ ਆਗੂ ਦੇ ਗੰਨਮੈਨ ਵੱਲੋਂ ਬੜੀ ਮੁਸ਼ੱਕਤ ਤੋਂ ਬਾਅਦ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਪਾਸੋਂ ਪਿਸਟਲ ਵੀ ਬਰਾਮਦ ਕਰ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਬਾਰੇ ਵੀ ਕੋਈ ਪੁਸ਼ਟੀ ਨਹੀਂ ਕੀਤੀ। ਗੋਲੀ ਚੱਲਣ ਨਾਲ ਸ਼ਹਿਰ `ਚ ਦਹਿਸ਼ਤ ਦਾ ਮਾਹੌਲ ਹੈ। ਗੋਲੀ ਕਿਉਂ ਚੱਲੀ ਹੈ ਇਸ ਦੇ ਵੀ ਵੇਰਵੇ ਪ੍ਰਾਪਤ ਨਹੀਂ ਹੋਏ ਹਨ।