ਡਿਪਟੀ ਕਮਿਸ਼ਨਰ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ 'ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ

ਦੁਆਰਾ: Punjab Bani ਪ੍ਰਕਾਸ਼ਿਤ :Thursday, 12 September, 2024, 04:40 PM

ਡਿਪਟੀ ਕਮਿਸ਼ਨਰ ਸੁਚੱਜੇ ਪਰਾਲੀ ਪ੍ਰਬੰਧਨ ਲਈ ਪਿੰਡਾਂ ‘ਚ ਪੁੱਜੇ, ਕਿਸਾਨਾਂ ਨਾਲ ਕੀਤੀ ਸਿੱਧੀ ਗੱਲਬਾਤ
-ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਇੰਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਅਪਣਾਉਣ : ਡੀ.ਸੀ.
-ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਪਿੰਡਾਂ ‘ਚ ਜਾ ਸਨਮਾਨਿਆ
ਪਟਿਆਲਾ, 12 ਸਤੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਅਗਾਮੀ ਸੀਜ਼ਨ ਦੌਰਾਨ ਬਿਨਾਂ ਅੱਗ ਲਗਾਏ ਪਰਾਲੀ ਨੂੰ ਸੰਭਾਲਣ ਲਈ ਪਿੰਡਾਂ ‘ਚ ਜਾ ਕੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਅਤੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਨਮਾਨਿਆ । ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸਮਾਣਾ ਰਿਚਾ ਗੋਇਲ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਕਸੀਅਨ ਗੁਰਕਰਨ ਸਿੰਘ ਵੀ ਮੌਜੂਦ ਸਨ । ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ‘ਚ ਪਿਛਲੇ ਸਾਲ ਸਭ ਤੋਂ ਵੱਧ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਣ ਵਾਲੇ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨਾਲ ਖੁੱਲ੍ਹੀ ਵਿਚਾਰ ਚਰਚਾ ਕੀਤੀ ਅਤੇ ਪਹਿਲਾਂ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ ਤੇ ਫੇਰ ਉਨ੍ਹਾਂ ਦੇ ਹੱਲ ਲਈ ਮੌਕੇ ‘ਤੇ ਹੀ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਨ ਸਹਿਯੋਗ ਕਰੇਗਾ। ਉਨ੍ਹਾਂ ਪਿੰਡ ਤਲਵੰਡੀ ਮਲਿਕ ਤੇ ਘੱਗਾ ਦੇ ਕਿਸਾਨਾਂ ਨੂੰ ਕਿਹਾ ਕਿ ਐਕਸ ਸੀਟੂ ਰਾਹੀਂ ਪਰਾਲੀ ਪ੍ਰਬੰਧਨ ਕਰਨ ਲਈ ਬੇਲਰ ਤੇ ਇੰਨ ਸੀਟੂ ਲਈ ਲੋੜੀਂਦੀ ਮਸ਼ੀਨਰੀ ਸਮੇਂ ਸਿਰ ਉਪਲਬੱਧ ਕਰਵਾਈ ਜਾਵੇਗੀ। ਇਸ ਮੌਕੇ ਕਿਸਾਨਾਂ ਨੇ ਵੀ ਇਸ ਵਾਰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਅਹਿਦ ਲਿਆ ।
ਡਿਪਟੀ ਕਮਿਸ਼ਨਰ ਨੇ ਦੋਵੇਂ ਪਿੰਡਾਂ ਦੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਇਸ ਵਾਰ ਡੇਮੋ ਦੇ ਤੌਰ ‘ਤੇ 25 ਤੋਂ 30 ਏਕੜ ਰਕਬੇ ‘ਚ ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਨਵੀਂਆਂ ਤਕਨੀਕਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਖਤਮ ਕਰਨਾ ਕੋਈ ਸਮੱਸਿਆ ਦਾ ਹੱਲ ਨਹੀਂ ਹੈ । ਇਸ ਨਾਲ ਅਸੀਂ ਖੇਤਾਂ ਨੂੰ ਤਾਂ ਰਹਿੰਦ ਖੂੰਹਦ ਤੋਂ ਖਾਲੀ ਕਰ ਦਿੰਦੇ ਹਾਂ, ਪਰ ਵਾਤਾਵਰਣ ਨੂੰ ਦੂਸ਼ਿਤ ਕਰਕੇ ਆਪਣੇ ਆਪ ਨੂੰ ਤੇ ਆਪਣੇ ਪਰਿਵਾਰ ਨੂੰ ਕਈ ਬਿਮਾਰੀਆਂ ਦਾ ਸ਼ਿਕਾਰ ਬਣਾ ਲੈਂਦੇ ਹਾਂ । ਡਿਪਟੀ ਕਮਿਸ਼ਨਰ ਨੇ ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਅਮਰਿੰਦਰ ਸਿੰਘ, ਕੁਲਦੀਪ ਸਿੰਘ, ਕਰਨਦੀਪ ਸਿੰਘ, ਕੁਲਦੀਪ ਕੁਮਾਰ, ਨਿਰਮਲ ਸਿੰਘ ਅਤੇ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਪਰਾਲੀ ਪ੍ਰਬੰਧਨ ‘ਚ ਸਹਿਯੋਗ ਕਰਨ ਦੀ ਅਪੀਲ ਕੀਤੀ । ਇਸ ਮੌਕੇ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ, ਪੀ.ਪੀ.ਸੀ.ਬੀ ਦੇ ਐਸ.ਡੀ.ਓ. ਮੋਹਿਤ ਸਿੰਗਲਾ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਪ੍ਰਭਦੀਪ ਸਿੰਘ ਵੀ ਮੌਜੂਦ ਸਨ ।