ਸੁਪਰੀਮ ਕੋਰਟ ਨੇ ਕੀਤਾ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ
ਨਵੀਂ ਦਿੱਲੀ : ਭਾਰਤ ਦੇਸ਼ ਦੀ ਸਰਵਉਚ ਮਾਨਯੋਗ ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਵਿਧਾਨ ਸਭਾ ’ਚ ਪੰਜ ਮੈਂਬਰਾਂ ਨੂੰ ਨਾਮਜ਼ਦ ਕਰਨ ਦੇ ਉਪ ਰਾਜਪਾਲ ਦੇ ਅਧਿਕਾਰ ਨੂੰ ਚੁਣੌਤੀ ਦੇਣ ਵਾਲੀ ਅਰਜ਼ੀ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸਿਖਰਲੀ ਅਦਾਲਤ ਨੇ ਕਿਹਾ ਕਿ ਹਰ ਮਾਮਲੇ ਨੂੰ ਉਨ੍ਹਾਂ ਕੋਲ ਸਿੱਧੇ ਲਿਆਉਣ ਦੀ ਲੋੜ ਨਹੀਂ ਹੈ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਹੇਠਲੇ ਬੈਂਚ ਨੇ ਅਰਜ਼ੀਕਾਰ ਰਵਿੰਦਰ ਕੁਮਾਰ ਸ਼ਰਮਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੂੰ ਕਿਹਾ, ‘‘ਉਹ ਨਾਮਜ਼ਦ ਕਰ ਸਕਦੇ ਹਨ, ਨਹੀਂ ਵੀ ਕਰ ਸਕਦੇ ਹਨ। ਸਾਨੂੰ ਨਹੀਂ ਪਤਾ। ਹਾਈ ਕੋਰਟ ਜਾਓ। ਹਰ ਮਾਮਲੇ ’ਚ ਸਿੱਧੇ ਇਸ ਅਦਾਲਤ ’ਚ ਆਉਣ ਦੀ ਲੋੜ ਨਹੀਂ ਹੈ।’’ ਬੈਂਚ ਨੇ ਕਿਹਾ ਕਿ ਉਹ ਸੰਵਿਧਾਨ ਦੀ ਧਾਰਾ 32 ਤਹਿਤ ਮੌਜੂਦਾ ਅਰਜ਼ੀ ’ਤੇ ਵਿਚਾਰ ਕਰਨ ਦੇ ਇੱਛੁਕ ਨਹੀਂ ਹਨ ਅਤੇ ਅਰਜ਼ੀਕਾਰ ਨੂੰ ਧਾਰਾ 226 ਤਹਿਤ ਪਟੀਸ਼ਨ ਰਾਹੀਂ ਅਧਿਕਾਰ ਖੇਤਰ ਵਾਲੇ ਹਾਈ ਕੋਰਟ ’ਚ ਜਾਣ ਦੀ ਖੁੱਲ੍ਹ ਦਿੰਦੇ ਹਨ। ਬੈਂਚ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਇਸ ਮਾਮਲੇ ’ਤੇ ਗੁਣ-ਦੋਸ਼ ਦੇ ਆਧਾਰ ’ਤੇ ਕੋਈ ਰਾਏ ਜ਼ਾਹਿਰ ਨਹੀਂ ਕੀਤੀ ਹੈ।
