ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਉੱਤਰ ਪ੍ਰਦੇਸ਼ ਸਰਕਾਰ ਦੀ ਮੁੱਖ ਤਰਜੀਹ ਹੈ : ਮੁੱਖ ਮੰਤਰੀ ਯੋਗੀ
ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਉੱਤਰ ਪ੍ਰਦੇਸ਼ ਸਰਕਾਰ ਦੀ ਮੁੱਖ ਤਰਜੀਹ ਹੈ : ਮੁੱਖ ਮੰਤਰੀ ਯੋਗੀ
ਉੱਤਰ ਪ੍ਰਦੇਸ਼ : ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬਹਿਰਾਈਚ ਜਿਲ੍ਹੇ ਵਿੱਚ ਦੋ ਦਿਨ ਪਹਿਲਾਂ ਫਿ਼ਰਕੂ ਹਿੰਸਾ ਵਿੱਚ ਮਾਰੇ ਗਏ ਨੌਜਵਾਨ ਦੇ ਪਰਿਵਾਰ ਨਾਲ ਅੱਜ ਮੁਲਾਕਾਤ ਕੀਤੀ। ਮੁੱਖ ਮੰਤਰੀ ਯੋਗੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਲਿਖਿਆ, ‘ਬਹਿਰਾਈਚ ਦੀ ਮੰਦਭਾਗੀ ਘਟਨਾ ਵਿੱਚ ਮਾਰੇ ਗਏ ਨੌਜਵਾਨ ਦੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਅੱਜ ਲਖਨਊ ਵਿੱਚ ਗੱਲਬਾਤ ਕੀਤੀ। ਦੁੱਖ ਦੀ ਇਸ ਘੜੀ ਵਿੱਚ ਯੂਪੀ ਸਰਕਾਰ ਪੂਰੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ ਨਾਲ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਯਕੀਨਨ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣਾ ਉੱਤਰ ਪ੍ਰਦੇਸ਼ ਸਰਕਾਰ ਦੀ ਮੁੱਖ ਤਰਜੀਹ ਹੈ। ਇਸ ਅਤਿ-ਨਿੰਦਣਯੋਗ ਅਤੇ ਨਾ-ਮੁਆਫ਼ੀਯੋਗ ਘਟਨਾ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।ਸੂਚਨਾ ਵਿਭਾਗ ਨੇ ਸੋਸ਼ਲ ਮੀਡੀਆ ’ਤੇ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਮੁੱਖ ਮੰਤਰੀ ਆਦਿੱਤਿਆਨਾਥ ਪੀੜਤ ਪਰਿਵਾਰ ਨਾਲ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਬਹਿਰਾਈਚ ਵਿੱਚ ਐਤਵਾਰ ਨੂੰ ਦੇਵੀ ਦੁਰਗਾ ਦੀ ਮੂਰਤੀ ਦੇ ਵਿਸਰਜਨ ਦੌਰਾਨ ਫ਼ਿਰਕੂ ਹਿੰਸਾ ਭੜਕਣ ਮੌਕੇ ਰਾਮ ਗੋਪਾਲ ਮਿਸ਼ਰਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਪਥਰਾਅ ਤੇ ਗੋਲੀਬਾਰੀ ਦੀ ਘਟਨਾ ਵਿੱਚ ਛੇ ਜਣੇ ਜ਼ਖ਼ਮੀ ਹੋਏ ਸਨ।