ਐਸ. ਡੀ. ਐਮ ਪਟਿਆਲਾ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਖੇਤਾਂ 'ਚ ਜਾ ਕੇ ਸਨਮਾਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 12 October, 2024, 03:47 PM

ਐਸ. ਡੀ. ਐਮ ਪਟਿਆਲਾ ਵੱਲੋਂ ਅਗਾਂਹਵਧੂ ਕਿਸਾਨਾਂ ਦਾ ਖੇਤਾਂ ‘ਚ ਜਾ ਕੇ ਸਨਮਾਨ
-ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ : ਮਨਜੀਤ ਕੌਰ
ਪਟਿਆਲਾ, 12 ਅਕਤੂਬਰ : ਪਟਿਆਲਾ ਦੇ ਐਸ.ਡੀ.ਐਮ ਮਨਜੀਤ ਕੌਰ ਵੱਲੋਂ ਪਿੰਡ ਬਖ਼ਸ਼ੀਵਾਲ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ ਅਤੇ ਵਾਤਾਵਰਣ ਨੂੰ ਬਚਾਉਣ ਲਈ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਕੰਮ ਦੀ ਉਨ੍ਹਾਂ ਸ਼ਲਾਘਾ ਕੀਤੀ । ਇਸ ਮੌਕੇ ਮਨਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਦਾ ਇਨ ਸੀਟੂ ਅਤੇ ਐਕਸ ਸੀਟੂ ਤਕਨੀਕਾਂ ਨਾਲ ਨਿਪਟਾਰਾ ਕਰਨ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਤੋਂ ਹੋਰਨਾਂ ਕਿਸਾਨਾਂ ਨੂੰ ਸੇਧ ਲੈਕੇ ਆਪਣੀ ਆਮਦਨ ਵਧਾਉਣ ਦੇ ਨਾਲ ਨਾਲ ਵਾਤਾਵਰਣ ਦੀ ਸ਼ੁੱਧਤਾ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ ਹਨ ਜੋ ਆਪਣੇ ਫ਼ਾਇਦੇ ਤੋਂ ਉਪਰ ਉਠਕੇ ਲੋਕਾਂ ਨੂੰ ਹੋਣ ਵਾਲੇ ਨੁਕਸਾਨ ਪ੍ਰਤੀ ਪਹਿਲਾਂ ਸੋਚਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਸੀ, ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨ ਕੀਤਾ ਜਾ ਰਿਹਾ ਹੈ । ਇਸ ਦੌਰਾਨ ਐਸ. ਡੀ. ਐਮ ਮਨਜੀਤ ਕੌਰ ਨੇ ਬਖਸ਼ੀਵਾਲ ਪਿੰਡ ਦੀ ਮੰਡੀ ਦਾ ਦੌਰਾ ਵੀ ਕੀਤਾ ਅਤੇ ਚੱਲ ਰਹੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡੀ.ਐਸ.ਪੀ ਮਨੋਜ ਗੋਰਸੀ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐਸ. ਡੀ. ਓ ਮੋਹਿਤ ਸਿੰਗਲਾ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪ੍ਰਭਦੀਪ ਸਿੰਘ ਵੀ ਮੌਜੂਦ ਸਨ।