ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ

ਸੁਪਰੀਮ ਕੋਰਟ ਨੇ ਕੀਤਾ ਪੰਜਾਬ ਤੇ ਹਰਿਆਣਾ ਦੇ ਦੋਵੇਂ ਮੁੱਖ ਸਕੱਤਰਾਂ ਨੂੰ ਮੁੜ 23 ਨੂੰ ਤਲਬ
ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਸਰਵ ਉਚ ਮਾਨਯੋਗ ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ `ਚ ਦੋਸ਼ੀ ਪਾਏ ਗਏ ਲੋਕਾਂ ਖਿ਼ਲਾਫ਼ ਮੁਕੱਦਮਾ ਨਹੀਂ ਚਲਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਨੂੰ ਬੁੱਧਵਾਰ ਨੂੰ ਫਟਕਾਰ ਲਗਾਈ ਅਤੇ ਦੋਹਾਂ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ 23 ਅਕਤੂਬਰ ਨੂੰ ਅਦਾਲਤ `ਚ ਪੇਸ਼ ਹੋਣ ਲਈ ਕਿਹਾ। ਜੱਜ ਅਭੈ ਐੱਸ. ਓਕਾ ਦੀ ਅਗਵਾਈ ਵਾਲੀ ਬੈਂਚ ਨੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ `ਚ ਅਸਫ਼ਲ ਰਹਿਣ ਲਈ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਖ਼ਿਲਾਫ਼ ਦੰਡਕਾਰੀ ਕਾਰਵਾਈ ਕਰਨ ਦਾ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਊ.ਐੱਮ.) ਨੂੰ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਸੀ.ਏ.ਕਿਊ.ਐੱਮ. ਦੀ ਤੁਲਨਾ ਬਿਨਾਂ ਦੰਦ ਵਾਲੇ ਟਾਈਗਰ ਨਾਲ ਕੀਤੀ। ਅਦਾਲਤ ਨੇ ਪਰਾਲੀ ਸਾੜਨ ਦੇ ਮਾਮਲੇ `ਤੇ ਹਰਿਆਣਾ ਸਰਕਾਰ ਦੇ ਰੁਖ `ਤੇ ਨਾਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਇਹ ਕੋਈ ਰਾਜਨੀਤਕ ਮਾਮਲਾ ਨਹੀਂ ਹੈ, ਜੇਕਰ ਮੁੱਖ ਸਕੱਤਰ ਕਿਸੇ ਦੇ ਇਸ਼ਾਰੇ `ਤੇ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਜਾਵੇਗਾ। ਇਸ ਮੁੱਦੇ `ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਅਦਾਲਤ ਨੇ ਕਿਹਾ ਕਿ ਸੂਬੇ `ਚ ਪਿਛਲੇ 3 ਸਾਲਾਂ `ਚ ਪਰਾਲੀ ਸਾੜਨ ਨੂੰ ਲੈ ਕੇ ਇਕ ਵੀ ਮੁਕੱਦਮਾ ਨਹੀਂ ਚਲਾਇਆ ਗਿਆ। ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ 23 ਅਕਤੂਬਰ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਅਤੇ ਪਾਲਣਾ ਨਾ ਕਰਨ ਲਈ ਸਪੱਸ਼ਟੀਕਰਨ ਦੇਣ ਦਾ ਨਿਰਦੇਸ਼ ਦਿੱਤਾ।
