ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ

ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਜਾਰੀ
ਐਸ.ਡੀ.ਐਮ ਵਿਕਾਸ ਹੀਰਾ ਕਰ ਰਹੇ ਹਨ ਮੁਹਿੰਮ ਦੀ ਨਿਗਰਾਨੀ
ਧੂਰੀ, 20 ਅਕਤੂਬਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਦੀ ਅਗਵਾਈ ਹੇਠ ਵੱਡੀ ਗਿਣਤੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਦੀਆਂ ਟੀਮਾਂ, ਸਬ ਡਵੀਜ਼ਨ ਧੂਰੀ ਦੇ ਪਿੰਡਾਂ ਵਿੱਚ ਸਰਗਰਮ ਨਜ਼ਰ ਆ ਰਹੀਆਂ ਹਨ । ਅੱਜ ਬਲਾਕ ਧੂਰੀ ਅਤੇ ਬਲਾਕ ਸ਼ੇਰਪੁਰ ਵਿੱਚ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪਾਵਰ ਕੌਮ ਦੇ ਮੁਲਾਜ਼ਮ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਪਰਾਲੀ ਪ੍ਰਬੰਧਨ ਦੇ ਤਰੀਕਿਆਂ ਬਾਰੇ ਜਾਣਕਾਰੀ ਦੇਣ ਵਿੱਚ ਜੁਟੇ ਰਹੇ । ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਧੂਰੀ ਵਿਕਾਸ ਹੀਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉੱਦਮੀ ਕਿਸਾਨਾਂ ਨੂੰ ਖੇਤੀ ਮਸ਼ੀਨਾਂ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਰਕਬੇ ‘ਤੇ ਪਰਾਲੀ ਦੇ ਸੁਚੱਜੇ ਪ੍ਰਬੰਧ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਸਕੇ । ਉਨ੍ਹਾਂ ਦੱਸਿਆ ਕਿ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਦਿਆਂ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਉਣਾ ਸਮੇਂ ਦੀ ਅਹਿਮ ਲੋੜ ਹੈ ਜਿਸ ਵਿੱਚ ਕਿਸਾਨ ਵੀਰਾਂ ਦੇ ਸਰਗਰਮ ਯੋਗਦਾਨ ਦੀ ਜ਼ਰੂਰਤ ਹੈ । ਉਨ੍ਹਾਂ ਦੀ ਅਗਵਾਈ ਹੇਠ ਰੰਗੀਆਂ, ਕੁੰਭੜਵਾਲ, ਪੁੰਨਾਵਾਲ ਆਦਿ ਪਿੰਡਾਂ ਵਿੱਚ ਟੀਮਾਂ ਸਰਗਰਮ ਰਹੀਆਂ ।
