ਡੀ. ਐਸ. ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਸੰਭਾਲਣ ਲਈ ਪ੍ਰੇਰਿਤ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 01:28 PM

ਡੀ. ਐਸ.ਪੀ. ਦੀਪਇੰਦਰਪਾਲ ਸਿੰਘ ਜੇਜੀ ਨੇ ਕਈ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਝੋਨੇ ਦੀ ਪਰਾਲੀ ਸੰਭਾਲਣ ਲਈ ਪ੍ਰੇਰਿਤ
ਲਹਿਰਾਗਾਗਾ, 19 ਅਕਤੂਬਰ : ਐਸ. ਐਸ. ਪੀ. ਸੰਗਰੂਰ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਕਰਦਿਆਂ ਡੀ. ਐਸ. ਪੀ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਪਿਛਲੇ ਕਈ ਦਿਨਾਂ ਤੋਂ ਸਬ ਡਵੀਜ਼ਨ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਨੇ ਦੱਸਿਆ ਕਿ ਉਹਨਾਂ ਵੱਲੋਂ ਪਿੰਡ ਖੋਖਰ, ਫਤਿਹਗੜ੍ਹ, ਚੂੜਲ ਖੁਰਦ, ਡਸਕਾ, ਰੱਤਾ ਖੇੜਾ, ਨੰਗਲਾਂ, ਅੜਕਵਾਸ, ਲਹਿਲ ਖੁਰਦ, ਕਾਲ ਬੰਜਾਰਾ, ਫਲੇੜਾ ਆਦਿ ਵੱਡੀ ਗਿਣਤੀ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂਹਦ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ । ਉਹਨਾਂ ਦੱਸਿਆ ਕਿ ਇਸ ਕਾਰਜ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ ਵੱਖ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ ਵੱਖ ਵੱਖ ਥਾਣਿਆਂ ਦੇ ਮੁਖੀ ਅਤੇ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਵੀ ਜਾਗਰੂਕਤਾ ਮੁਹਿੰਮ ਦਾ ਸਰਗਰਮ ਹਿੱਸਾ ਬਣ ਰਹੇ ਹਨ ਅਤੇ ਯਕੀਨੀ ਤੌਰ ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ ਕਿਉਂਕਿ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਇਸ ਗੱਲ ਦਾ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਉਹ ਝੋਨੇ ਦੀ ਵਾਢੀ ਕਰਨ ਤੋਂ ਬਾਅਦ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ ।