ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਨਤਮਸਤਕ
ਗੁਰੂ ਦਰਬਾਰ ’ਚ ਫੁੱਲਾਂ ਨਾਲ ਕੀਤੀ ਸਜਾਵਟ ਰਹੀ ਖਿੱਚ ਦਾ ਕੇਂਦਰ, ਗੁਰਦੁਆਰਾ ਪ੍ਰਬੰਧਕਾਂ ਵੱਲੋਂ ਪੁੱਜੀਆਂ ਸਖਸ਼ੀਅਤਾਂ ਸਨਮਾਨਤ
ਪਟਿਆਲਾ 19 ਅਕਤੂਬਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੋਢੀ ਸੁਲਤਾਨ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੰਗਤਾਂ ਵੱਲੋਂ ਗੁਰੂ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ। ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ ’ਚ ਪੁੱਜੀਆਂ ਸੰਗਤਾਂ ਨੇ ਗੁਰੂ ਦਰਬਾਰ ਵਿਚ ਆਸਥਾ ਦਾ ਪ੍ਰਗਟਾਵਾ ਕੀਤਾ ਅਤੇ ਹਜ਼ੂਰੀ ਕੀਰਤਨੀ ਪਾਸੋਂ ਗੁਰਬਾਣੀ ਸਰਵਣ ਦਾ ਆਨੰਦ ਮਾਣਿਆ। ਪ੍ਰਕਾਸ਼ ਪੁਰਬ ਮੌਕੇ ਗੁਰੂ ਦਰਬਾਰ ਨੂੰ ਵੱਖ-ਵੱਖ ਫੁੱਲਾਂ ਨਾਲ ਸਜਾਵਟ ਕੀਤੀ ਗਈ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੀ ਰਹੀ ।
ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਦੀਵਾਨ ਹਾਲ ਵਿਖੇ ਪਾਏ ਗਏ। ਇਸ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਦਿਆਂ ਪੁੱਜੀਆਂ ਸੰਗਤਾਂ ਨੂੰ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਅਤੇ ਮੁੱਖਵਾਕ ਭਾਈ ਕੁਲਦੀਪ ਸਿੰਘ ਵੱਲੋਂ ਲਿਆ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਬੀਬੀ ਕੁਲਦੀਪ ਕੌਰ ਟੌਹੜਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਜਾਣੂੰ ਕਰਵਾਇਆ ਕਿ ਗੁਰੂ ਸਾਹਿਬ ਨੇ 22 ਸਾਲ ਦੇ ਕਰੀਬ ਤੀਜੀ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਨਾਲ ਆਪਣਾ ਜੀਵਨ ਪ੍ਰਮਾਤਮਾ ਦੇ ਭਾਣੇ ’ਚ ਰਹਿ ਕੇ ਨਾਮ, ਸਿਮਰਨ ਅਤੇ ਸੇਵਾ ਰਾਹੀਂ ਬਤੀਤ ਕੀਤਾ, ਜੋ ਸਾਰਿਆਂ ਨੂੰ ਪ੍ਰਮਾਤਮਾ ਦੀ ਬੰਦਗੀ ਕਰਨ ਦੀ ਪ੍ਰੇਰਨਾ ਦਾ ਰਾਹ ਦਿਖਾਉਂਦਾ ਹੈ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਪ੍ਰਮਾਤਮਾ ਨੂੰ ਸਮਰਪਿਤ ਰਿਹਾ, ਜਿਨ੍ਹਾਂ ਵੱਲੋਂ ਰਚਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਵੱਲੋਂ ਗੁਰਬਾਣੀ ਦਾ ਪ੍ਰਚਾਰ-ਪਰਸਾਰ ਕਰਨਾ ਅਤੇ ਕੀਤੇ ਗਏ ਵਿਲੱਖਣ ਕਾਰਜ ਮਾਨਵਤਾ ਦੇ ਕਲਿਆਣਮਈ ਕਾਰਜਾਂ ’ਚੋਂ ਇਕ ਸਨ ਅੱਜ ਲੋੜ ਹੈ ਕਿ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਉਦੇਸ਼ ਨਾਲ ਜੁੜੀਏ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੈਨੇਜਰ ਰਜਿੰਦਰ ਸਿੰਘ ਟੌਹੜਾ ਵੱਲੋਂ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਤ ਕੀਤਾ ਗਿਆ।
ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਾ। ਧਾਰਮਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਸੁਰਜੀਤ ਸਿੰਘ ਕੌਲੀ, ਭਾਗ ਸਿੰਘ ਚੌਹਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਮਨਦੀਪ ਸਿੰਘ ਭਲਵਾਨ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਸਾਬਕਾ ਅਧਿਕਾਰੀ ਡਾ. ਪਰਮਜੀਤ ਸਿੰਘ ਸਰੋਆ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਜਸਪ੍ਰੀਤ ਸਿੰਘ ਭਾਟੀਆ, ਭਾਈ ਹਰਵਿੰਦਰ ਸਿੰਘ, ਭਾਈ ਦਰਸ਼ਨ ਸਿੰਘ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਭਾਈ ਤਰਸਵੀਰ ਸਿੰਘ, ਭਾਈ ਹਜੂਰ ਸਿੰਘ, ਗੁਰੂ ਸ਼ਬਦ ਪ੍ਰਚਾਰ ਸਭਾ ਦੇ ਪ੍ਰਧਾਨ ਭਗਵੰਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ, ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਪ੍ਰਬੰਧਕੀ ਸਟਾਫ ਵੀ ਹਾਜ਼ਰ ਸਨ।
