ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਣੇ ਲਾਇਆ ਫੁਹਾਰਾ ਚੌਂਕ ਵਿਖੇ ਮੋਰਚਾ

ਮੰਗਾਂ ਨੂੰ ਲੈ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ
– ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰੇ ਸਰਕਾਰ : ਕਮੇਟੀ ਆਗੂ
ਪਟਿਆਲਾ, 13 ਜੂਨ :
ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕਾਮ ਐਂਡ ਟ੍ਰਾਂਸਕੋ ਕੰਟਰੈਕਚੂਅਲ ਵਰਕਰਜ਼ (ਪੰਜਾਬ) ਦੇ ਬੈਨਰ ਹੇਠ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਸਮੇਤ ਹੋਰ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਅੱਜ ਪਰਿਵਾਰਾਂ ਸਮੇਤ ਫੁਹਾਰਾ ਚੌਂਕ ਵਿਖੇ ਮੋਰਚਾ ਲਗਾਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂੰ, ਸਿਮਰਨਜੀਤ ਸਿੰਘ ਨੀਲੋਂ, ਜਗਸੀਰ ਸਿੰਘ ਭੰਗੂ, ਰਾਜੇਸ਼ ਕੁਮਾਰ ਮੌੜ, ਖੁਸ਼ਦੀਪ ਸਿੰਘ ਬਠਿੰਡਾ, ਬਲਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਮੁੱਚੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਕਰਨ ਸਮੇਤ ਸਮੂਹ ਮੰਗਾਂ ਤੋਂ ਟਾਲਾ ਵੱਟ ਰਹੀ ਹੈ। ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਅਤੇ ਸੀਐੱਚਬੀੇਸੀਐੱਚ.ਡਬਲਯੂ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਅਤੇ ਟ੍ਰਾਂਸਕੋ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ, ਕੰਪਨੀਆਂ ਦੁਬਾਰਾ ਬਕਾਇਦਾ ਖਾਲੀ ਪਈਆਂ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ, ਇਸ ਹਾਲਤ ਵਿੱਚ ਪਾਵਰਕਾਮ ਅਤੇ ਟ੍ਰਾਂਸਕੋ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪੱਕਾ ਨਾ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਧ੍ਰੋਹ ਕਮਾ ਰਹੀ ਹੈ।
ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਅਤੇ ਟ੍ਰਾਂਸਕੋ ਦੇ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਇੱਕ ਅਨ-ਸਕਿਲਡ ਆਊਟਸੋਰਸ਼ਡ ਠੇਕਾ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਪੱਚੀ ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ, ਡਿਉਟੀ ਦੌਰਾਨ ਮੌਤ, ਅਪੰਗ ਹੋਣ ਤੇ ਵਾਰਿਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਅਤੇ ਪਿਛਲੇ ਸਮੇਂ ਵਿੱਚ ਬਿਜਲੀ ਮੰਤਰੀ ਅਤੇ ਪਾਵਰਕਾਮ ਟ੍ਰਾਂਸਕੋ ਦੀ ਮੈਨੇਜਮੈਂਟ ਨਾਲ ਹੋਈਆਂ ਪੈਨਲ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ ਤੇ ਹੋਰ ਮੰਗਾਂ ਮੰਨੀਆਂ ਜਾਣ।
