ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਸ੍ਰੀ ਗੁਰੂ ਰਾਮਦਾਸ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਅਤੇ ਚੌਰ ਸਾਹਿਬ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਨਗਰ ਕੀਰਤਨ ਦਾ ਪੁਰਾਤਨ ਦਰਵਾਜ਼ਿਆਂ ਨੂੰ ਜੋੜਦੇ ਮਾਰਗ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ ।
