ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ : ਰਾਜੇਸ਼ ਸ਼ਰਮਾ

ਦੁਆਰਾ: Punjab Bani ਪ੍ਰਕਾਸ਼ਿਤ :Saturday, 19 October, 2024, 12:42 PM

ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ : ਰਾਜੇਸ਼ ਸ਼ਰਮਾ
ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਚੌਕਸੀ ਟੀਮਾਂ ਦੀ ਅਗਵਾਈ ਕਰਦਿਆਂ ਵੱਖ-ਵੱਖ ਪਿੰਡਾਂ ਦਾ ਕੀਤਾ ਦੌਰਾ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਦਿੜ੍ਹਬਾ, 19 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪਿੰਡਾਂ ਦੀਆਂ ਸਾਂਝੀਆਂ ਥਾਵਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਾਹੁੰਦੇ ਹੋਏ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ ਲਈ ਪ੍ਰੇਰਿਤ ਕਰ ਰਹੇ ਹਨ । ਸਬ ਡਵੀਜ਼ਨ ਦਿੜਬਾ ਦੇ ਪਿੰਡਾਂ ਖੇੜੀ ਨਾਗਾ, ਰੋਗਲਾ ਅਤੇ ਉਭਿਆ ਵਿਖੇ ਕਿਸਾਨਾਂ ਦੀਆਂ ਭਰਵੀਂਆਂ ਇਕੱਤਰਤਾਵਾਂ ਨੂੰ ਸੰਬੋਧਨ ਕਰਦਿਆਂ ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਕਿਹਾ ਕਿ ਵਾਤਾਵਰਣ ਦੀ ਰਾਖੀ ਵਿੱਚ ਯੋਗਦਾਨ ਪਾਉਣ ਦਾ ਇਹ ਸੁਨਹਿਰਾ ਸਮਾਂ ਹੈ ਅਤੇ ਕਿਸਾਨ ਵੀਰ ਮਨੁੱਖਤਾ, ਬਨਸਪਤੀ ਅਤੇ ਪਸ਼ੂ ਪੰਛੀਆਂ ਦੀਆਂ ਕੀਮਤੀ ਜਾਨਾਂ ਨੂੰ ਸੁਰੱਖਿਅਤ ਰੱਖਣ ਦੀ ਇਸ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਬ ਡਵੀਜ਼ਨ ਦੇ ਅਨੇਕਾਂ ਪਿੰਡਾਂ ਵਿੱਚ ਅਜਿਹੇ ਅਗਾਹਵਧੂ ਕਿਸਾਨ ਵੀ ਹਨ ਜਿਹੜੇ ਪਿਛਲੇ ਕਈ ਸਾਲਾਂ ਤੋਂ ਪਰਾਲੀ ਪ੍ਰਬੰਧਨ ਦੀ ਮਿਸਾਲ ਕਾਇਮ ਕਰ ਰਹੇ ਹਨ ਅਤੇ ਅਜਿਹੇ ਕਿਸਾਨਾਂ ਨੂੰ ਵੱਧ ਚੜ ਕੇ ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਹੋਰ ਕਿਸਾਨਾਂ ਨੂੰ ਵੀ ਇਹ ਰਸਤਾ ਚੁਣਨ ਲਈ ਸਰਗਰਮ ਰਹਿਣਾ ਚਾਹੀਦਾ ਹੈ। ਰਾਜੇਸ਼ ਸ਼ਰਮਾ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੁੰਦਾ ਧੂਆਂ ਪਿਛਲੇ ਸਮਿਆਂ ਦੌਰਾਨ ਅਨੇਕਾਂ ਕੀਮਤੀ ਜਾਨਾਂ ਨੂੰ ਖਤਰੇ ਵਿੱਚ ਪਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਆਪਣੇ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਪ੍ਰਤੀ ਅਵੇਸਲਾ ਨਹੀਂ ਹੋਣਾ ਚਾਹੀਦਾ । ਇਸ ਦੌਰਾਨ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਫਸਲੀ ਪ੍ਰਬੰਧਨ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਪਿੰਡ ਪੱਧਰ ਉੱਤੇ ਪ੍ਰਸ਼ਾਸਨ ਵੱਲੋਂ ਕੀਤੇ ਮਸ਼ੀਨਰੀ ਉਪਲਬਧ ਕਰਵਾਉਣ ਦੇ ਪ੍ਰਬੰਧਾਂ ਬਾਰੇ ਵਿਸਥਾਰ ਵਿੱਚ ਦੱਸਿਆ ।