ਐਸ. ਡੀ. ਐਮ ਪ੍ਰਮੋਦ ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ

ਦੁਆਰਾ: Punjab Bani ਪ੍ਰਕਾਸ਼ਿਤ :Friday, 18 October, 2024, 05:03 PM

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਅਧਿਕਾਰੀਆਂ ਨੂੰ ਪਰਾਲੀ ਪ੍ਰਬੰਧਨ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੱਦਾ
ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਵੀ ਕੀਤਾ ਜਾਗਰੂਕ
ਸੁਨਾਮ ਊਧਮ ਸਿੰਘ ਵਾਲਾ, 18 ਅਕਤੂਬਰ : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਤਹਿਤ ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਅੱਜ ਵੀ ਲਗਾਤਾਰ ਪਿੰਡਾਂ ਵਿੱਚ ਦੌਰੇ ਜਾਰੀ ਰੱਖੇ ਗਏ। ਪਿੰਡ ਖੜਿਆਲ, ਰਾਮਗੜ੍ਹ ਜਵੰਦਾ, ਛਾਜਲੀ, ਸ਼ੇਰੋਂ, ਰਤਨਗੜ੍ਹ ਪੱਟਿਆਂਵਾਲੀ ਅਤੇ ਝਾੜੋਂ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਉੱਤੇ ਅਧਾਰਿਤ ਟੀਮਾਂ ਪਿੰਡਾਂ ਵਿੱਚ ਲਗਾਤਾਰ ਚੌਕਸੀ ਰੱਖ ਰਹੀਆਂ ਹਨ ਅਤੇ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ਤੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ । ਉਹਨਾਂ ਇਹ ਵੀ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸਬ ਡਵੀਜ਼ਨ ਅਧੀਨ ਆਉਂਦੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਯੋਗ ਢੰਗਾਂ ਬਾਰੇ ਖੇਤੀ ਮਾਹਿਰ ਜਾਗਰੂਕ ਕਰ ਰਹੇ ਹਨ ਅਤੇ ਨਾਲ ਹੀ ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਪੁੱਜਦੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਧਰਤੀ ਦੀ ਉਪਜਾਊ ਸ਼ਕਤੀ ਨੂੰ ਨਸ਼ਟ ਹੋਣ ਤੋਂ ਬਚਾਇਆ ਜਾ ਸਕੇ। ਐਸ ਡੀ ਐਮ ਨੇ ਕਿਹਾ ਕਿ ਪਿੰਡਾਂ ਵਿੱਚ ਨੋਡਲ ਅਫਸਰਾਂ ਦੀ ਤੈਨਾਤੀ ਕੀਤੀ ਗਈ ਹੈ ਜੋ ਕਿ ਸਹਿਕਾਰੀ ਸਭਾਵਾਂ ਅਤੇ ਖੇਤੀਬਾੜੀ ਵਿਭਾਗ ਦੇ ਬਲਾਕ ਵਿਕਾਸ ਅਧਿਕਾਰੀਆਂ ਨਾਲ ਤਾਲਮੇਲ ਰੱਖ ਕੇ ਕਿਸਾਨਾਂ ਨੂੰ ਉਹਨਾਂ ਦੀ ਜਰੂਰਤ ਮੁਤਾਬਕ ਖੇਤੀ ਮਸ਼ੀਨਰੀ ਉਪਲਬਧ ਕਰਵਾਉਣ ਲਈ ਕਾਰਜਸ਼ੀਲ ਹਨ । ਇਸ ਤੋਂ ਪਹਿਲਾਂ ਸਬ ਡਵੀਜ਼ਨ ਕੰਪਲੈਕਸ ਵਿੱਚ ਐਸਡੀਐਮ ਨੇ ਤਹਿਸੀਲਦਾਰ ਸੁਮਿਤ ਢਿੱਲੋ ਸਮੇਤ ਮਾਲ ਵਿਭਾਗ, ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪਾਵਰਕੌਮ, ਫਾਇਰ ਬ੍ਰਿਗੇਡ ਆਦਿ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੁਣ ਤੱਕ ਕੀਤੇ ਉਦਮ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਜੋਸ਼ੋ ਖਰੋਸ਼ ਨਾਲ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।