ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਸਮਾਗਮ

ਦੁਆਰਾ: Punjab Bani ਪ੍ਰਕਾਸ਼ਿਤ :Wednesday, 02 October, 2024, 04:11 PM

ਨੌਵੇਂ ਪਾਤਸ਼ਾਹ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਧਾਰਮਕ ਸਮਾਗਮ
ਮਹਾਨ ਕੀਰਤਨ ਸਮਾਗਮ ’ਚ ਪੁੱਜਣਗੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਗੁਰੂ ਸਾਹਿਬ ਦੀ ਆਮਦ ਦੀ ਖੁਸ਼ੀ ਵਿਚ ਕੀਤੀ ਗਈ ਸਜਾਵਟ ਨੇ ਸਾਰਿਆਂ ਦਾ ਧਿਆਨ ਕੇਂਦਰਿਤ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਮੁੱਖਵਾਕ ਗਿਆਨੀ ਫੂਲਾ ਸਿੰਘ ਵੱਲੋ ਲਿਆ ਗਿਆ। ਧਾਰਮਕ ਸਮਾਗਮ ਵਿਚ ਹਜੂਰੀ ਰਾਗੀ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਨੇਜਰ ਰਜਿੰਦਰ ਸਿੰਘ ਟੌਹੜਾ, ਗੁਰੂ ਤੇਗ ਬਹਾਦਰ ਜਥੇ ਦੇ ਪ੍ਰਧਾਨ ਪ੍ਰੇਮ ਸਿੰਘ, ਭਵਨਪੁਨੀਤ ਸਿੰਘ, ਭਾਈ ਭੁਪਿੰਦਰਪਾਲ ਸਿੰਘ ਵੀ ਪਹੁੰਚੇ ਹੋਏ ਸਨ। ਗੁਰੂ ਸਾਹਿਬ ਦੀ ਇਸ ਪਵਿੱਤਰ ਅਸਥਾਨ ’ਤੇ ਆਮਦ ਦੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸੰਗਤਾਂ ਨੂੰ ਵਧਾਈ ਦਿੱਤੀ। ਇਸ ਉਪਰੰਤ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਮਹਾਨ ਕੀਰਤਨ ਸਮਾਗਮ ਦੇਰ ਰਾਤ ਤੱਕ ਹੋਵੇਗਾ ਅਤੇ ਸੰਗਤਾਂ ਗੁਰੂ ਸਾਹਿਬ ਦੀਆਂ ਖੁਸ਼ੀਆਂ ਹਾਸਲ ਕਰਨ ਲਈ ਗੁਰੂ ਘਰ ਪੁੱਜਣ ਅਤੇ ਪੰਗਤ ਸੰਗਤ ਦਾ ਆਨੰਦ ਮਾਨਣ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਨੇ ਪੁੱਜੀਆਂ ਸਖਸੀਅਤਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੀਤ ਮੈਨੇਜਰ ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।