ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਝੋਨੇ ਦੀ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਣ ਲਈ ਕਲੱਸਟਰ ਅਤੇ ਨੋਡਲ ਅਧਿਕਾਰੀ ਮੁਸਤੈਦ ਰਹਿਣ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ
ਡੀ.ਸੀ ਅਤੇ ਐਸ.ਐਸ.ਪੀ. ਵੱਲੋਂ ਮਾਲ ਤੇ ਪੁਲਿਸ ਅਧਿਕਾਰੀਆਂ ਅਤੇ ਕਲੱਸਟਰ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ
ਸੰਗਰੂਰ, 3 ਅਕਤੂਬਰ : ਸੰਗਰੂਰ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਜ਼ਿਲ੍ਹੇ ਨੂੰ ਕਲੱਸਟਰਾਂ ਵਿੱਚ ਵੰਡ ਕੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਹਰੇਕ ਪਿੰਡ ਵਿੱਚ ਇੱਕ ਨੋਡਲ ਅਫ਼ਸਰ ਦੀ ਤਾਇਨਾਤੀ ਕੀਤੀ ਗਈ ਹੈ। ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਕਲੱਸਟਰ ਅਧਿਕਾਰੀਆਂ, ਸਰਕਲ ਰੈਵੇਨਿਊ ਅਫ਼ਸਰਾਂ, ਖੇਤੀਬਾੜੀ, ਪੁਲਿਸ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਹਰੇਕ ਅਧਿਕਾਰੀ ਤੇ ਕਰਮਚਾਰੀ ਨੂੰ ਸਬੰਧਤ ਇਲਾਕੇ ਵਿੱਚ ਅੱਜ ਤੋਂ ਹੀ ਸਰਗਰਮ ਕਦਮ ਪੁੱਟੇ ਜਾਣ ਦੀ ਲੋੜ ਹੈ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਸਮੂਹ ਕਲਸਟਰ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਿੰਡਾਂ ਵਿੱਚ ਨੋਡਲ ਅਫ਼ਸਰਾਂ ਨਾਲ ਤਾਲਮੇਲ ਰੱਖਦੇ ਹੋਏ ਅਗੇਤੇ ਤੌਰ ’ਤੇ ਜਾ ਕੇ ਪਿੰਡਾਂ ਵਿੱਚ ਉਪਲਬਧ ਖੇਤੀ ਮਸ਼ੀਨਰੀ ਦਾ ਜਾਇਜ਼ਾ ਲੈ ਲੈਣ ਤਾਂ ਜੋ ਕਿਸੇ ਪਿੰਡ ਵਿੱਚ ਕੋਈ ਕਮੀ ਪਾਏ ਜਾਣ ’ਤੇ ਪ੍ਰਸ਼ਾਸਨਿਕ ਪੱਧਰ ’ਤੇ ਢੁਕਵੇਂ ਕਦਮ ਪੁੱਟੇ ਜਾ ਸਕਣ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਹਿਕਾਰੀ ਸਭਾਵਾਂ ਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਲਗਾਤਾਰ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਇਸਦੇ ਯੋਗ ਨਿਬੇੜੇ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਤੇ ਸਬਸਿਡੀ ਬਾਰੇ ਉਨ੍ਹਾਂ ਨੂੰ ਦੱਸਿਆ ਜਾਵੇ । ਉਨ੍ਹਾਂ ਸਮੂਹ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਦੇ ਨੰਬਰਦਾਰਾਂ, ਪੰਚਾਇਤ ਸਕੱਤਰਾਂ ਰਾਹੀਂ ਘਰ-ਘਰ ਇਹ ਸੁਨੇਹਾ ਪਹੁੰਚਾਇਆ ਜਾਵੇ ਕਿ ਪਰਾਲੀ ਦਾ ਯੋਗ ਪ੍ਰਬੰਧਨ ਸਮੇਂ ਦੀ ਅਹਿਮ ਲੋੜ ਹੈ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਸਿਹਤ ਖਤਰੇ ਵਿੱਚ ਪੈਂਦੀ ਹੈ ਅਤੇ ਵਾਤਾਵਰਣ ਨੂੰ ਵੀ ਜ਼ਹਿਰੀਲੇ ਧੂੰਏ ਕਾਰਨ ਭਾਰੀ ਨੁਕਸਾਨ ਪਹੁੰਚਦਾ ਹੈ ਇਸ ਲਈ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀਆਂ ਨੂੰ ਵੀ ਜ਼ਿਲ੍ਹੇ ਵਿੱਚ ਪੂਰੀ ਮੁਸਤੈਦੀ ਵਰਤਣ ਦੀ ਹਦਾਇਤ ਕੀਤੀ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਰਾਹੀਂ ਪ੍ਰਾਪਤ ਹੋਣ ਵਾਲੀ ਕਿਸੇ ਵੀ ਸੂਚਨਾ ’ਤੇ ਫੌਰੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਦਿਸ਼ਾ ਨਿਰਦੇਸ਼ ਦਿੱਤੇ । ਉਨ੍ਹਾਂ ਨੇ ਕਿਹਾ ਕਿ ਪਰਾਲੀ ਸਾੜਨ ਦੀ ਮਾੜੀ ਪ੍ਰਥਾ ਨੂੰ ਠੱਲ੍ਹ ਪਾਉਣ ਦੀ ਸਾਰੀਆਂ ਧਿਰਾਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ ਸਬੰਧਤ ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇਗੀ । ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਐਸ.ਡੀ.ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਸੁਨਾਮ ਰਾਜੇਸ਼ ਸ਼ਰਮਾ, ਐਸ.ਡੀ.ਐਮ. ਲਹਿਰਾ ਸੂਬਾ ਸਿੰਘ, ਐਸ.ਡੀ.ਐਮ. ਧੂਰੀ ਵਿਕਾਸ ਹੀਰਾ, ਐਸ.ਡੀ.ਐਮ. ਭਵਾਨੀਗੜ੍ਹ ਰਵਿੰਦਰ ਬਾਂਸਲ, ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਤੋਂ ਇਲਾਵਾ ਸਮੂਹ ਕਲੱਸਟਰ ਅਫ਼ਸਰ ਵੀ ਹਾਜ਼ਰ ਸਨ ।
