ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂੰ 'ਕਾਰਨ ਦੱਸੋ ਨੋਟਿਸ' ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Monday, 07 October, 2024, 05:35 PM

‘ਗ੍ਰਾਮ ਪੰਚਾਇਤ ਚੋਣਾਂ-2024’
ਪਹਿਲੀ ਰਿਹਰਸਲ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ 162 ਕਰਮਚਾਰੀਆਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ
ਸੰਗਰੂਰ, 7 ਅਕਤੂਬਰ : ਜ਼ਿਲ੍ਹਾ ਚੋਣਕਾਰ ਅਫ਼ਸਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸੁਖਚੈਨ ਸਿੰਘ ਪਾਪੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 5 ਅਕਤੂਬਰ ਨੂੰ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਹੋਈ ਪਹਿਲੀ ਰਿਹਰਸਲ ਦੌਰਾਨ ਗੈਰ ਹਾਜ਼ਰ ਰਹਿਣ ਵਾਲੇ 162 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਕਿਹਾ ਕਿ ਇਹ ਇੱਕ ਗੰਭੀਰ ਮਸਲਾ ਹੈ ਕਿਉਂਕਿ ਚੋਣਾਂ ਸਬੰਧੀ ਡਿਊਟੀ ਵਿੱਚ ਅਜਿਹੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਡੇਢ ਦਰਜਨ ਤੋਂ ਵਧੇਰੇ ਵਿਭਾਗਾਂ ਨਾਲ ਸਬੰਧਤ ਇਨ੍ਹਾਂ ਗੈਰ ਹਾਜ਼ਰ ਕਰਮਚਾਰੀਆਂ ਨੂੰ ਵਿਭਾਗੀ ਮੁਖੀਆਂ ਰਾਹੀਂ ਨੋਟਿਸ ਭੇਜਿਆ ਗਿਆ ਹੈ ਅਤੇ ਜਿਹੜੇ ਮੁਲਾਜ਼ਮ 10 ਅਕਤੂਬਰ ਨੂੰ ਹੋਣ ਵਾਲੀ ਦੂਜੀ ਰਿਹਰਸਲ ਦੌਰਾਨ ਵੀ ਅਜਿਹੀ ਅਣਗਹਿਲੀ ਕਰਨਗੇ ਉਨ੍ਹਾਂ ਖਿਲਾਫ਼ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।