ਡੀ. ਸੀ ਤੇ ਐਸ. ਐਸ. ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ

ਦੁਆਰਾ: Punjab Bani ਪ੍ਰਕਾਸ਼ਿਤ :Friday, 04 October, 2024, 05:26 PM

ਡੀ.ਸੀ ਤੇ ਐਸ.ਐਸ.ਪੀ ਨੇ ਧੂਰੀ ਸਬ ਡਵੀਜ਼ਨ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪ੍ਰੇਰਿਆ
ਵਾਤਾਵਰਨ ਨੂੰ ਸਵੱਛ ਅਤੇ ਧਰਤੀ ਮਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਉੱਤੇ ਪੂਰੀ ਜ਼ਿੰਮੇਵਾਰੀ ਨਾਲ ਪਹਿਰਾ ਦੇਣ ਦੀ ਲੋੜ
ਪਰਾਲੀ ਸਾੜ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਜਾਨ ਨੂੰ ਜੋਖਮ ਵਿੱਚ ਨਾ ਪਾਇਆ ਜਾਵੇ : ਡਿਪਟੀ ਕਮਿਸ਼ਨਰ
ਪਰਾਲੀ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦੀ ਕੀਤੀ ਹੌਸਲਾ ਅਫਜਾਈ
ਕਿਸਾਨਾਂ ਨੂੰ ਸਬਸਿਡੀ ਵਾਲੀ ਮਸ਼ੀਨਰੀ ਦੇਣ ਲਈ ਪਿੰਡਾਂ ਵਿੱਚ ਨੋਡਲ ਅਫ਼ਸਰ ਤਾਇਨਾਤ
ਧੂਰੀ/ ਸੰਗਰੂਰ, 4 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਅੱਜ ਸਬ ਡਵੀਜ਼ਨ ਧੂਰੀ ਦੇ ਵੱਡੀ ਗਿਣਤੀ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਦੇ ਯੋਗ ਪ੍ਰਬੰਧਨ ਲਈ ਸੁਚੇਤ ਕੀਤਾ । ਸਬ ਡਵੀਜ਼ਨ ਧੂਰੀ ਅਧੀਨ ਆਉਂਦੇ ਲੱਡਾ, ਕਾਂਝਲਾ, ਹਸਨਪੁਰ, ਮੂਲੋਵਾਲ, ਕੁੰਭੜਵਾਲ, ਬਾਲੀਆਂ ਆਦਿ ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਿੱਤੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਂਦੇ ਹੋਏ ਵਾਤਾਵਰਨ ਨੂੰ ਸਵੱਛ ਅਤੇ ਧਰਤੀ ਮਾਂ ਨੂੰ ਸੁਰੱਖਿਅਤ ਰੱਖਣ ਦੀ ਵਚਨਬਧਤਾ ਉੱਤੇ ਪੂਰੀ ਜ਼ਿੰਮੇਵਾਰੀ ਦੀ ਭਾਵਨਾ ਨਾਲ ਪਹਿਰਾ ਦੇਣ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਨਾਲ ਮਿੱਤਰ ਕੀੜੇ ਮਕੌੜੇ ਸੜ ਜਾਂਦੇ ਹਨ ਅਤੇ ਅਜਿਹਾ ਹੋਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਉੱਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ । ਉਹਨਾਂ ਕਿਹਾ ਕਿ ਜਿਵੇਂ ਇਨਸਾਨੀ ਸਰੀਰ ਨੂੰ ਤੰਦਰੁਸਤ ਰਹਿਣ ਲਈ ਕਈ ਪ੍ਰਕਾਰ ਦੇ ਵਿਟਾਮਿਨ ਅਤੇ ਖਣਿਜਾਂ ਦੀ ਲੋੜ ਹੈ ਠੀਕ ਉਸੇ ਤਰ੍ਹਾਂ ਫਸਲ ਨੂੰ ਵੀ 17 ਤੱਤਾਂ ਦੀ ਲੋੜ ਹੁੰਦੀ ਹੈ ਪਰ ਅੱਗ ਲਗਾਉਣ ਨਾਲ ਇਹ ਨਸ਼ਟ ਹੋ ਜਾਂਦੇ ਹਨ ।
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾਉਣ ਨਾਲ ਫੈਲਣ ਵਾਲਾ ਜ਼ਹਿਰੀਲਾ ਧੂਆਂ ਬੱਚਿਆਂ ਅਤੇ ਬਜ਼ੁਰਗਾਂ ਨੂੰ ਮਾਰੂ ਨੁਕਸਾਨ ਪਹੁੰਚਾਉਂਦਾ ਹੈ ਜਿਸ ਨਾਲ ਸਾਹ ਅਤੇ ਦਮੇ ਦੀਆਂ ਬਿਮਾਰੀਆਂ ਉਹਨਾਂ ਨੂੰ ਆਪਣੇ ਕਲਾਵੇ ਵਿੱਚ ਲੈ ਲੈਂਦੀਆਂ ਹਨ ਅਤੇ ਕਈ ਵਾਰ ਕੀਮਤੀ ਜਾਨਾਂ ਵੀ ਅਜਿਹੀ ਅਣਗਹਿਲੀ ਅਤੇ ਲਾਪਰਵਾਹੀ ਕਾਰਨ ਗੁਆਚ ਜਾਂਦੀਆਂ ਹਨ।
ਇਸ ਮੌਕੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਨੇ ਵੀ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਪਿਛਲੇ ਲਗਭਗ ਇੱਕ ਹਫਤੇ ਤੋਂ ਉਹ ਵੱਖ-ਵੱਖ ਪਿੰਡਾਂ ਵਿੱਚ ਦੌਰਾ ਕਰਕੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਬਸਿਡੀ ਉਤੇ ਉਪਲਬਧ ਕਰਵਾਈ ਗਈ ਖੇਤੀ ਮਸ਼ੀਨਰੀ ਬਾਰੇ ਜਾਗਰੂਕ ਕਰ ਰਹੇ ਹਨ। ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਪਿੰਡਾਂ ਵਿੱਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ ਜਿਹੜੇ ਕਿ ਲੋੜਵੰਦ ਕਿਸਾਨਾਂ ਨੂੰ ਉਹਨਾਂ ਦੀ ਜਰੂਰਤ ਮੁਤਾਬਕ ਸਬਸਿਡੀ ਉੱਤੇ ਖੇਤੀ ਮਸ਼ੀਨਰੀ ਉਪਲੱਬਧ ਕਰਵਾਉਣ ਲਈ ਯਤਨਸ਼ੀਲ ਰਹਿਣਗੇ। ਐਸ.ਐਸ.ਪੀ ਨੇ ਕਿਹਾ ਕਿ ਜੇਕਰ ਕਿਸੇ ਪਿੰਡ ਵਾਸੀ ਨੂੰ ਨੋਡਲ ਅਧਿਕਾਰੀ ਦੇ ਪੱਧਰ ‘ਤੇ ਵੀ ਕੋਈ ਦਿੱਕਤ ਪੇਸ਼ ਆਵੇਗੀ ਤਾਂ ਉਹ ਸੰਬੰਧਿਤ ਸਬ ਡਵੀਜ਼ਨ ਦੇ ਤਹਿਸੀਲਦਾਰ, ਥਾਣਾ ਮੁਖੀ, ਐਸਡੀਐਮ ਜਾਂ ਡੀਐਸਪੀ ਨਾਲ ਤਾਲਮੇਲ ਕਰ ਸਕਦਾ ਹੈ ਤਾਂ ਜੋ ਉਸ ਨੂੰ ਦਰਪੇਸ਼ ਮੁਸ਼ਕਿਲ ਦਾ ਫੌਰੀ ਹੱਲ ਹੋ ਸਕੇ ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਅਗਾਂਹਵਧੂ ਕਿਸਾਨਾਂ ਨੇ ਵੀ ਭਰਵੇਂ ਇਕੱਠਾਂ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਉਹ ਪਿਛਲੇ ਕਈ ਸਾਲਾਂ ਤੋਂ ਖੇਤਾਂ ਵਿੱਚ ਹੀ ਰਲਾਉਣ ਨੂੰ ਤਰਜੀਹ ਤੇ ਰਹੇ ਹਨ ਅਤੇ ਉਹਨਾਂ ਦੀਆਂ ਫਸਲਾਂ ਦੇ ਝਾੜ ਵਿੱਚ ਵਾਧਾ ਹੋਇਆ ਹੈ । ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਅਜਿਹੇ ਕਿਸਾਨਾਂ ਦੀ ਹੌਸਲਾ ਅਫਜਾਈ ਕਰਦਿਆਂ ਹੋਰਨਾਂ ਕਿਸਾਨਾਂ ਨੂੰ ਵੀ ਮਨੁੱਖਤਾ ਅਤੇ ਵਾਤਾਵਰਣ ਦੀ ਰਾਖੀ ਲਈ ਅਜਿਹੇ ਕਿਸਾਨਾਂ ਵੱਲੋ ਅਪਣਾਏ ਢੰਗਾਂ ਨੂੰ ਅਪਣਾਉਣ ਦੀ ਲੋੜ ਉਤੇ ਜੋਰ ਦਿੱਤਾ । ਇਸ ਮੌਕੇ ਐਸ.ਡੀ.ਐਮ ਧੂਰੀ ਵਿਕਾਸ ਹੀਰਾ, ਤਹਿਸੀਲਦਾਰ ਮਨਮੋਹਨ ਕੁਮਾਰ, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰਤਾ ਕਰਨਬੀਰ ਸਿੰਘ ਰੰਧਾਵਾ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ ।