ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ

ਐਸ. ਡੀ. ਐਮ ਰਾਜੇਸ਼ ਸ਼ਰਮਾ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ 25 ਅਗਾਂਹਵਧੂ ਕਿਸਾਨ ਸਨਮਾਨਿਤ
ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਨੇ ਕੀਤਾ ਸਨਮਾਨਿਤ
ਦਿੜ੍ਹਬਾ/ਸੰਗਰੂਰ, 10 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਬ ਡਵੀਜ਼ਨਾਂ ਦੇ ਪਿੰਡਾਂ ਅੰਦਰ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋ ਵੱਧ ਕਿਸਾਨ ਇਨ੍ਹਾਂ ਅਗਾਂਹਵਧੂ ਕਿਸਾਨਾਂ ਤੋ ਪ੍ਰੇਰਨਾ ਲੈ ਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ । ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਸ੍ਰੀ ਰਾਜੇਸ਼ ਸ਼ਰਮਾ ਨੇ ਅੱਜ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਕੈਂਪਰ, ਲਾਡ ਵੰਜਾਰਾ ਖੁਰਦ, ਨਿਹਾਲਗੜ੍ਹ, ਕਾਕੂਵਾਲਾ, ਖੇਤਲਾ ਦਿੜਬਾ, ਗੁੱਜਰਾਂ , ਜਨਾਲ ਆਦਿ ਦੇ 25 ਅਗਾਂਹਵਧੂ ਕਿਸਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਪ੍ਰਦਾਨ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਸਾਰੇ ਹੀ ਕਿਸਾਨ ਵੀਰਾਂ ਨੂੰ ਆਪਣਾ ਅਹਿਮ ਯੋਗਦਾਨ ਪਾਉਣਾ ਚਾਹੀਦਾ ਹੈ । ਸਬ ਡਵੀਜ਼ਨ ਦਿੜ੍ਹਬਾ ਦੇ 25 ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕਰਨ ਦੀ ਰਸਮ ਅਦਾ ਕਰਨ ਤੋਂ ਬਾਅਦ ਐਸ.ਡੀ.ਐਮ ਰਾਜੇਸ਼ ਸ਼ਰਮਾ ਨੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਦੀ ਦਿਸ਼ਾ ਵਿੱਚ ਉਹ ਨਿਰੰਤਰ ਹੋਰਨਾਂ ਕਿਸਾਨਾਂ ਨੂੰ ਵੀ ਆਪਣੇ ਖੇਤੀ ਸਬੰਧੀ ਸਫ਼ਲ ਤਜਰਬਿਆਂ ਤੋਂ ਜਾਣੂ ਕਰਵਾਉਂਦੇ ਰਹਿਣ । ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਨਾ ਕੇਵਲ ਸਬ ਡਵੀਜ਼ਨ ਦਿੜ੍ਹਬਾ ਬਲਕਿ ਪੂਰੇ ਹੀ ਜਿਲ੍ਹੇ ਵਿੱਚ ਲਗਾਤਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਾਰ ਜਿਲ੍ਹੇ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਅਜਿਹੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਉਚਿਤ ਉਪਰਾਲੇ ਕੀਤੇ ਜਾ ਰਹੇੇ ਹਨ। ਇਸ ਮੋੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।
