ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜਾਰੀ

ਦੁਆਰਾ: Punjab Bani ਪ੍ਰਕਾਸ਼ਿਤ :Wednesday, 09 October, 2024, 04:56 PM

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪਰਾਲੀ ਪ੍ਰਬੰਧਨ ਬਾਰੇ ਜਾਗਰੂਕਤਾ ਮੁਹਿੰਮ ਜਾਰੀ
ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟ੍ਰੇਟਾਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗਾਂ
ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ
ਨੁੱਕੜ ਨਾਟਕਾਂ ਰਾਹੀਂ ਵੀ ਦਿੱਤਾ ਜਾ ਰਿਹਾ ਹੈ ਪਰਾਲੀ ਨਾ ਸਾੜਨ ਦਾ ਸੰਦੇਸ਼
ਸੰਗਰੂਰ, 9 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵੀ ਜ਼ਿਲ੍ਹਾ ਸੰਗਰੂਰ ਦੀਆਂ ਸਾਰੀਆਂ ਸਬ ਡਵੀਜ਼ਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਕਿਸਾਨ ਵੀਰਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵੱਖ ਵੱਖ ਥਾਵਾਂ ਉੱਤੇ ਨੁੱਕੜ ਨਾਟਕਾਂ ਦਾ ਮੰਚਨ ਕੀਤਾ ਗਿਆ ਅਤੇ ਪਰਾਲੀ ਸਾੜਨ ਨਾਲ ਮਨੁੱਖ ਤੇ ਵਾਤਾਵਰਨ ਨੂੰ ਪਹੁੰਚਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਂਦੇ ਹੋਏ ਇਸ ਮਾੜੀ ਰਵਾਇਤ ਨੂੰ ਜਿਲਾ ਸੰਗਰੂਰ ਵਿੱਚ ਮੁਕੰਮਲ ਤੌਰ ਤੇ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ ਗਿਆ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲਾ ਪੁਲਿਸ ਦੇ ਸਹਿਯੋਗ ਨਾਲ ਵੱਡੇ ਪੱਧਰ ਉਤੇ ਕਿਸਾਨ ਵੀਰਾਂ ਨਾਲ ਰਾਬਤਾ ਕਰਕੇ ਸਰਕਾਰ ਦੁਆਰਾ ਸਬਸਿਡੀ ਉਤੇ ਉਪਲਬਧ ਕਰਵਾਈਆਂ ਗਈਆਂ ਖੇਤੀ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਦੌਰਾਨ ਕਿਸਾਨਾਂ ਨੇ ਵੀ ਪ੍ਰਸ਼ਾਸਨ ਨੂੰ ਇਸ ਵਾਰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ । ਉਨ੍ਹਾਂ ਦੱਸਿਆ ਕਿ ਭਰਵੇਂ ਇਕੱਠਾਂ ਦੌਰਾਨ ਅਗਾਹਵਧੂ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਲਈ ਅਪਣਾਏ ਢੰਗਾਂ ਬਾਰੇ ਵੀ ਹੋਰਨਾਂ ਕਿਸਾਨਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ ਜਾ ਰਹੇ ਹਨ।