ਵਾਰਿਸ ਪੰਜਾਬ ਦੇ ਸੰਸਥਾ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ

ਦੁਆਰਾ: Punjab Bani ਪ੍ਰਕਾਸ਼ਿਤ :Thursday, 10 October, 2024, 12:26 PM

ਵਾਰਿਸ ਪੰਜਾਬ ਦੇ ਸੰਸਥਾ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ
ਫਰੀਦਕੋਟ : ਪੰਜਾਬ ਦੇ ਸ਼ਹਿਰ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਇੱਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਹਰੀ ਨੌ (32) ਵਜੋਂ ਹੋਈ ਹੈ। ਉਹ ‘ਵਾਰਿਸ ਪੰਜਾਬ ਦੇ’ ਸੰਸਥਾ ਦਾ ਮੈਂਬਰ ਸੀ। ਗੋਲੀ ਚੱਲਣ ਦੀ ਘਟਨਾ ਨਾਲ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਫਰੀਦਕੋਟ ਦੇ ਪਿੰਡ ਹਰੀ ਨੌ ਵਿੱਚ ਪੰਚਾਇਤੀ ਚੋਣ ਵਿੱਚ ਨਸਰਪੰਚ ਉਮੀਦਵਾਰ ਦਾ ਪ੍ਰਚਾਰ ਕਰਨ ਤੋਂ ਬਾਅਦ ਘਰ ਪਰਤ ਰਿਹਾ ਸੀ। ਫਿਰ ਬਾਈਕ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ `ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੁਰਪ੍ਰੀਤ ਨੂੰ ਚਾਰ ਗੋਲੀਆਂ ਲੱਗੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਗੁਰਪ੍ਰੀਤ ਨੂੰ ਫ਼ਰੀਦਕੋਟ ਮੈਡੀਕਲ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀ. ਐਸ.ਪੀ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮੁਲਜ਼ਮਾਂ ਦੀ ਪਛਾਣ ਲਈ ਘਟਨਾ ਸਥਾਨ ਦੇ ਆਲੇ-ਦੁਆਲੇ ਸੀਸੀਟੀਵੀ ਕੈਮਰੇ ਲਾਏ ਗਏ ਹਨ। ਕੈਮਰਿਆਂ `ਤੇ ਨਜ਼ਰ ਰੱਖੀ ਜਾ ਰਹੀ ਹੈ। ਗੁਰਪ੍ਰੀਤ ਸਿੰਘ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੈਂਬਰ ਸਨ ਅਤੇ ਸ਼ੁਰੂ ਤੋਂ ਹੀ ਦੀਪ ਸਿਧੂ ਨਾਲ ਜੁੜੇ ਹੋਏ ਸਨ। ਗੁਰਪ੍ਰੀਤ ਪਿਛਲੇ ਕੁਝ ਸਮੇਂ ਤੋਂ ਅੰਮ੍ਰਿਤਪਾਲ ਸਿੰਘ ਅਤੇ ਕੁਝ ਸਿੱਖ ਆਗੂਆਂ ਖਿਲਾਫ ਬਿਆਨਬਾਜ਼ੀ ਕਰ ਰਿਹਾ ਸੀ। ਗੁਰਪ੍ਰੀਤ ਸਿੰਘ ਨੂੰ ਪਹਿਲਾਂ ਵੀ ਧਮਕੀਆਂ ਮਿਲੀਆਂ ਸਨ।