ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਚੱਲ ਰਹੀ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਧਿਕਾਰੀ- ਸੰਦੀਪ ਰਿਸ਼ੀ
ਸੁਪਰ ਐਸ. ਐਮ. ਐਸ. ਤੋਂ ਬਿਨਾਂ ਕੰਬਾਈਨਾਂ ਦੀ ਵਰਤੋਂ ਨਾ ਕਰਨ ਕਿਸਾਨ
ਪਰਾਲੀ ਪ੍ਰਬੰਧਨ ਲਈ ਸੀ.ਆਰ.ਐਮ ਮਸ਼ੀਨਰੀ ਦੀ ਵਰਤੋਂ ਲਈ ਕਿਸਾਨਾਂ ਨੂੰ ਕੀਤਾ ਜਾਵੇ ਉਤਸ਼ਾਹਿਤ
ਸੰਗਰੂਰ, 27 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਸਾਂਝੇ ਹੰਭਲਿਆਂ ਦੇ ਨਾਲ ਹੀ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਮੁਕੰਮਲ ਤੌਰ ਤੇ ਠੱਲ ਪਾਈ ਜਾ ਸਕਦੀ ਹੈ । ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਸਖਤੀ ਨਾਲ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਸੀ.ਏ.ਕਿਊ.ਐਮ ਟੀਮਾਂ ਵੱਲੋਂ ਪਿਛਲੇ ਦਿਨਾਂ ਦੌਰਾਨ ਜਿਲ੍ਹੇ ਵਿੱਚ ਪਰਾਲੀ ਨੂੰ ਸਾੜਨ ਦੀਆਂ ਜਿੰਨੀਆਂ ਵੀ ਘਟਨਾਵਾਂ ਦੇ ਮਾਮਲੇ ਸਾਹਮਣੇ ਲਿਆਂਦੇ ਗਏ ਹਨ, ਉਹਨਾਂ ਦੀ ਫਿਜੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਉਂਦੇ ਹੋਏ ਅੱਗ ਲੱਗਣ ਦੀਆਂ ਘਟਨਾਵਾਂ ਦੀ ਪੁਸ਼ਟੀ ਪਾਏ ਜਾਣ ‘ਤੇ ਜ਼ਿੰਮੇਵਾਰ ਵਿਅਕਤੀਆਂ ਦੇ ਚਲਾਨ ਕੱਟੇ ਜਾਣ ਅਤੇ ਨਿਯਮਾਂ ਅਨੁਸਾਰ ਮਾਲ ਵਿਭਾਗ ਦੇ ਰਿਕਾਰਡ ਵਿੱਚ ਲਾਲ ਇੰਦਰਾਜ਼ ਦਰਜ ਕਰਦੇ ਹੋਏ ਐਫ.ਆਈ.ਆਰ ਦਰਜ ਕਰਵਾਈਆਂ ਜਾਣ ।
ਡਿਪਟੀ ਕਮਿਸ਼ਨਰ ਨੇ ਮੁੱਖ ਖੇਤੀਬਾੜੀ ਅਫਸਰ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹਈਆ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ. ਆਰ.ਐਮ) ਮਸ਼ੀਨਾਂ ਦੀ ਲਾਜ਼ਮੀ ਤੌਰ ਤੇ ਵਰਤੋਂ ਕਰਨ ਲਈ ਕਿਸਾਨਾਂ ਨੂੰ ਨਿਯਮਤ ਤੌਰ ਤੇ ਪ੍ਰੇਰਿਤ ਕੀਤਾ ਜਾਵੇ। ਉਹਨਾਂ ਇਹ ਵੀ ਕਿਹਾ ਕਿ ਝੋਨੇ ਦੀ ਵਾਢੀ ਕਰਨ ਵਾਲੀਆਂ ਕੰਬਾਈਨਾਂ ਉੱਤੇ ਸੁਪਰ ਐਸਐਮਐਸ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਅਤੇ ਜੇਕਰ ਜਾਂਚ ਦੌਰਾਨ ਚੌਕਸੀ ਟੀਮਾਂ ਵੱਲੋਂ ਕੋਈ ਵੀ ਕੰਬਾਈਨ ਬਿਨਾਂ ਸੁਪਰ ਐਸ. ਐਮ. ਐਸ. ਪ੍ਰਣਾਲੀ ਤੋਂ ਵਾਢੀ ਕਰਦੀ ਪਾਈ ਜਾਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨੋਡਲ ਅਫਸਰ, ਕਲਸਟਰ ਅਫਸਰ, ਫਲਾਇੰਗ ਸਕੁਐਡ ਹੁਣ ਵਧੇਰੇ ਚੌਕਸੀ ਵਰਤਣ ਅਤੇ ਖੇਤਾਂ ਵਿੱਚ ਜੇਕਰ ਰਹਿੰਦ ਖੂਹੰਦ ਨੂੰ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਅੱਗ ਨੂੰ ਬੁਝਾਉਣ ਲਈ ਕਦਮ ਚੁੱਕੇ ਜਾਣ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਮਨੁੱਖੀ ਸਿਹਤ, ਧਰਤੀ ਦੀ ਸਿਹਤ, ਵਾਤਾਵਰਣ ਸੰਭਾਲ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਉਹ ਪਰਾਲੀ ਨੂੰ ਸਾੜਨ ਦੀ ਥਾਂ ਉੱਤੇ ਪਰਾਲੀ ਪ੍ਰਬੰਧਨ ਵਾਲਾ ਰਸਤਾ ਚੁਣਨ । ਮੀਟਿੰਗ ਦੌਰਾਨ ਏ. ਡੀ. ਸੀ ਅਮਿਤ ਬੈਂਬੀ, ਐਸ.ਪੀ ਪਲਵਿੰਦਰ ਸਿੰਘ ਚੀਮਾ, ਸਮੂਹ ਐਸ. ਡੀ. ਐਮ. ਅਤੇ ਡੀ. ਐਸ. ਪੀਜ਼, ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ, ਡਿਪਟੀ ਰਜਿਸਟਰਾਰ ਸਹਿਕਾਰਤਾ ਕਰਨਵੀਰ ਸਿੰਘ ਰੰਧਾਵਾ, ਐਕਸੀਅਨ ਗੁਨੀਤ ਸੇਠੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।
