ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਜਿਹੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜਨ ਲਈ ਪੂਰੀ ਤਰ੍ਹਾਂ ਸਰਗਰਮ : ਸੰਦੀਪ ਰਿਸ਼ੀ

ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਪਰਾਲੀ ਸਾੜਨ ਜਿਹੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜਨ ਲਈ ਪੂਰੀ ਤਰ੍ਹਾਂ ਸਰਗਰਮ : ਸੰਦੀਪ ਰਿਸ਼ੀ
ਡਿਪਟੀ ਕਮਿਸ਼ਨਰ ਨੇ ਸਾਰੇ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਪ੍ਰੇਰਿਆ
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਰੋਜ਼ਾਨਾ ਜਾਰੀ ਰੱਖੀ ਜਾਵੇ, ਜਲਦੀ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ
ਸੰਗਰੂਰ, 26 ਅਕਤੂਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦੀ ਮੁਹਿੰਮ ਨੂੰ ਨੇਪਰੇ ਚੜਾਉਣ ਵਿੱਚ ਭਰਪੂਰ ਯੋਗਦਾਨ ਪਾ ਰਹੇ ਸਾਰੇ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਰੋਜਾਨਾ ਦੇ ਆਧਾਰ ਉਤੇ ਜਾਰੀ ਰੱਖਿਆ ਜਾਵੇ ਅਤੇ ਕਿਸਾਨ ਵੀਰਾਂ ਨੂੰ ਪਰਾਲੀ ਨਾ ਸਾੜਨ ਲਈ ਨਿਰੰਤਰ ਪ੍ਰੇਰਿਤ ਕੀਤਾ ਜਾਵੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਜਾਰੀ ਇਸ ਚੌਕਸੀ ਮੁਹਿੰਮ ਦੇ, ਆਉਣ ਵਾਲੇ ਦਿਨਾਂ ਵਿੱਚ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਪ੍ਰਸ਼ਾਸਨ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਜਿਵੇਂ ਪਿੰਡ ਪਿੰਡ ਜਾ ਕੇ ਅਤੇ ਹਰ ਕਿਸਾਨ ਤੱਕ ਪਹੁੰਚ ਬਣਾ ਕੇ ਜਾਗਰੂਕਤਾ ਪੈਦਾ ਕਰ ਰਹੀ ਹੈ, ਉਸ ਨਾਲ ਇਹ ਪੂਰੀ ਉਮੀਦ ਹੈ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਤੋਂ ਮੋੜ ਕੇ ਵਾਤਾਵਰਣ ਦੀ ਸਾਂਭ ਸੰਭਾਲ ਵੱਲ ਜੋੜ ਲਿਆ ਜਾਵੇਗਾ । ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਨਿੱਕੇ ਨਿੱਕੇ ਕਦਮਾਂ ਨਾਲ ਹੀ ਵੱਡੀਆਂ ਪੈੜਾਂ ਪੈਂਦੀਆਂ ਹਨ ਅਤੇ ਸਮੂਹ ਸਬ ਡਵੀਜ਼ਨ ਵਿੱਚ ਐਸ.ਡੀ.ਐਮ ਅਤੇ ਡੀ.ਐਸ.ਪੀ ਇਸ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਅਤੇ ਹਰੇਕ ਕਿਸਾਨ ਨੂੰ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਮਾਹਿਰ ਪਰਾਲੀ ਸਾੜਨ ਨਾਲ ਪੈਂਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਪ੍ਰਦਾਨ ਕਰ ਰਹੇ ਹਨ । ਉਹਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਹੀ ਰਲਾ ਕੇ ਜਾਂ ਖੇਤੀ ਮਸ਼ੀਨਰੀ ਰਾਹੀਂ ਯੋਗ ਪ੍ਰਬੰਧਨ ਕਰਕੇ ਕਿਸਾਨ ਮਨੁੱਖਤਾ ਤੇ ਵਾਤਾਵਰਣ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ ।
