ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ

ਦੁਆਰਾ: Punjab Bani ਪ੍ਰਕਾਸ਼ਿਤ :Wednesday, 23 October, 2024, 03:50 PM

ਐਸ. ਡੀ. ਐਮ. ਧੂਰੀ ਵਿਕਾਸ ਹੀਰਾ ਨੇ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸਮੀਖਿਆ
ਧੂਰੀ, 23 ਅਕਤੂਬਰ : ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਉਪ ਮੰਡਲ ਮੈਜਿਸਟਰੇਟ ਧੂਰੀ ਵਿਕਾਸ ਹੀਰਾ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਕਿਸਾਨਾਂ ਨਾਲ ਤਾਲਮੇਲ ਕਰਦੇ ਹੋਏ ਸੁਚੇਤ ਕਰਨ ਲਈ ਉਪ ਕਪਤਾਨ ਪੁਲਿਸ ਧੂਰੀ, ਤਹਿਸੀਲਦਾਰ ਧੂਰੀ ,ਨਾਇਬ ਤਹਿਸੀਲਦਾਰਾਂ, ਬੀ.ਡੀ.ਪੀ.ਓਜ਼ ਅਤੇ ਐਸ.ਐਚ.ਓਜ਼ ਅਤੇ ਸਬ ਡਵੀਜ਼ਨ ਧੂਰੀ ਦੀ ਨੰਬਰਦਾਰ ਯੂਨੀਅਨ ਨਾਲ ਮੀਟਿੰਗ ਕੀਤੀ ਗਈ । ਇਸ ਮੀਟਿੰਗ ਵਿੱਚ ਹੁਣ ਤੱਕ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਤੇ ਮੈਂਬਰਾਂ ਨੂੰ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਗੁਰੂ ਘਰਾਂ ਦੇ ਸਪੀਕਰਾਂ ਰਾਹੀਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤੀ ਜਾਵੇ ਕਿਉਂਕਿ ਇਸ ਨਾਲ ਜ਼ਮੀਨ ਵਿੱਚ ਰਹਿਣ ਵਾਲੇ ਜੀਵ ਜੰਤੂਆਂ ਦਾ ਤਾਂ ਨੁਕਸਾਨ ਹੁੰਦਾ ਹੀ ਹੈ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ । ਐਸ.ਡੀ.ਐਮ. ਵਿਕਾਸ ਹੀਰਾ ਨੇ ਕਿਹਾ ਕਿ ਪਰਾਲੀ ਦੀ ਅੱਗ ਤੋਂ ਪੈਦਾ ਹੋਏ ਜ਼ਹਿਰੀਲੇ ਧੂੰਏ ਨਾਲ ਸਿਹਤ ‘ਤੇ ਵੀ ਬੁਰਾ ਅਸਰ ਪੈਂਦਾ ਹੈ ਤੇ ਕਈ ਵਾਰ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ, ਅਧਿਕਾਰੀ, ਨੰਬਰਦਾਰ, ਪੰਚ ਜਾਂ ਸਰਪੰਚ ਪਰਾਲੀ ਨੂੰ ਅੱਗ ਲਗਾਉਣਗੇ ਤਾਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਐਸ.ਡੀ.ਐਮ. ਨੇ ਦੱਸਿਆ ਕਿ ਧੂਰੀ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਕੈਂਪ ਲਗਾਕੇ ਕਿਸਾਨਾਂ ਨੂੰ ਅੱਗ ਨਾ ਲਗਾਉਣ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਵਲੋਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਗਈ ਅਗਰ ਉਨ੍ਹਾਂ ਨੂੰ ਪਰਾਲੀ ਦੇ ਸੁਚੱਜੇ ਨਿਬੇੜੇ ਲਈ ਮਸ਼ੀਨਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਆਉਂਦੀ ਹੈ ਤਾਂ ਸਬੰਧਤ ਪਟਵਾਰੀ ਹਲਕਾ, ਸਬੰਧਤ ਖੇਤੀਬਾੜੀ ਅਫ਼ਸਰ ਜਾਂ ਤਹਿਸੀਲਦਾਰ ਤੋਂ ਮਦਦ ਲਈ ਜਾ ਸਕਦੀ ਹੈ ।