ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਨਹੀਂ ਮਿਲੀ ਛੋਟ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਨਹੀਂ ਮਿਲੀ ਛੋਟ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਇੱਥੇ ਇੱਕ ਸਥਾਨਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਉਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਹ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ ।
