ਐਸ. ਡੀ. ਐਮ. ਵਿਕਾਸ ਹੀਰਾ ਅਤੇ ਚੇਅਰਮੈਨ ਦਲਵੀਰ ਸਿੰਘ ਢਿਲੋਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਐਸ. ਡੀ. ਐਮ. ਵਿਕਾਸ ਹੀਰਾ ਅਤੇ ਚੇਅਰਮੈਨ ਦਲਵੀਰ ਸਿੰਘ ਢਿਲੋਂ ਵੱਲੋਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਅਨਾਜ ਮੰਡੀਆਂ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਕਿਹਾ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ
ਧੂਰੀ, 28 ਅਕਤੂਬਰ : ਐਸ.ਡੀ.ਐਮ ਵਿਕਾਸ ਹੀਰਾ ਅਤੇ ਪੰਜਾਬ ਸਮਾਲ ਇੰਡਸਟਰੀਜ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ. ਐਸ. ਆਈ. ਈ. ਸੀ.) ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਅੱਜ ਸਾਂਝੇ ਤੌਰ ਤੇ ਸਬ ਡਵੀਜ਼ਨ ਧੂਰੀ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਅਤੇ ਚੁਕਾਈ ਸਬੰਧੀ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਐਸ. ਡੀ. ਐਮ. ਵਿਕਾਸ ਹੀਰਾ ਨੇ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਨਮੀ ਰਹਿਤ ਫਸਲ ਹੀ ਲਿਆਉਣ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਵਾਢੀ ਸੁਪਰ ਐਸ. ਐਮ. ਐਸ. ਕੰਬਾਈਨਾਂ ਰਾਹੀਂ ਹੀ ਕਰਨ ਅਤੇ ਪਰਾਲੀ ਦੇ ਪ੍ਰਬੰਧਨ ਸਬੰਧੀ ਸਰਕਾਰ ਵੱਲੋਂ ਉਪਲਬਧ ਕਰਵਾਈਆਂ ਜਾ ਰਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਨੂੰ ਯਕੀਨੀ ਬਣਾਉਣ । ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਦਿਆਂ ਅਨਾਜ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਜਿਣਸ ਦੀ ਵਿਕਰੀ ਵਿੱਚ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ । ਇਸੇ ਤਰ੍ਹਾਂ ਸ਼ੇਰਪੁਰ ਦੀ ਮੁੱਖ ਮੰਡੀ ਅਤੇ ਕਾਤਰੋ ਸਬ ਯਾਰਡ ਵਿਖੇ ਵੀ ਦੌਰਾ ਕਰਕੇ ਝੋਨੇ ਦੀ ਸਮੁੱਚੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਗਿਆ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ।
