ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ

ਡੀ. ਏ. ਪੀ. ਖਾਦ ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ
ਭਵਾਨੀਗੜ, 2 ਨਵੰਬਰ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀਆਂ ਹਦਾਇਤਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਅੱਜ ਭਵਾਨੀਗੜ੍ਹ ਦੇ ਬਲਾਕ ਖੇਤੀਬਾੜੀ ਅਫਸਰ ਅਤੇ ਏਡੀਓ ਵੱਲੋਂ ਅਚਨਚੇਤ ਵੱਖ-ਵੱਖ ਖਾਦ ਡੀਲਰਾਂ ਦੀ ਚੈਕਿੰਗ ਕੀਤੀ ਗਈ । ਜ਼ਿਲ੍ਹੇ ਦੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਚੌਕਸੀ ਟੀਮਾਂ ਕਾਰਜਸ਼ੀਲ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਖਾਦ ਡੀਲਰਾਂ ਨੂੰ ਇਸ ਬਾਰੇ ਲਗਾਤਾਰ ਸੁਚੇਤ ਕੀਤਾ ਜਾ ਰਿਹਾ ਹੈ ਕਿ ਉਹ ਡੀਏਪੀ ਖਾਦ ਦੀ ਕਾਲਾਬਜ਼ਾਰੀ ਬਿਲਕੁਲ ਵੀ ਨਾ ਕਰਨ ਅਤੇ ਜੇਕਰ ਕੋਈ ਡੀਲਰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨਹੀਂ ਕਰੇਗਾ ਤਾਂ ਉਸ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ । ਬਲਾਕ ਖੇਤੀਬਾੜੀ ਅਫਸਰ ਮਨਦੀਪ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ ਅਨਮੋਲਦੀਪ ਸਿੰਘ ਦੀ ਅਗਵਾਈ ਹੇਠਲੀ ਟੀਮ ਨੇ ਭਵਾਨੀਗੜ੍ਹ ਵਿੱਚ ਵੱਖ ਵੱਖ ਖਾਦ ਡੀਲਰਾਂ ਦੀ ਜਾਂਚ ਪੜਤਾਲ ਕੀਤੀ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਜਾਣੂ ਕਰਵਾਇਆ । ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਹਰਬੰਸ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਨਿਰਧਾਰਿਤ ਕੀਮਤ ਤੋਂ ਜ਼ਿਆਦਾ ਕੀਮਤ ਉਤੇ ਡੀ. ਏ. ਪੀ. ਖਾਦ ਦਿੰਦਾ ਪਾਇਆ ਜਾਂਦਾ ਹੈ ਅਤੇ ਜਾਂ ਫਿਰ ਡੀ. ਏ. ਪੀ. ਖਾਦ ਨਾਲ ਹੋਰ ਕੋਈ ਵਸਤੂ ਖ਼ਰੀਦਣ ਲਈ ਜ਼ੋਰ ਦਿੰਦਾ ਹੈ ਤਾਂ ਉਸ ਖਿਲਾਫ ਖਾਦ ਕੰਟਰੋਲ ਆਰਡਰ 1985 ਅਧੀਨ ਕਾਰਵਾਈ ਕੀਤੀ ਜਾਵੇਗੀ ।
