ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ

ਦੁਆਰਾ: Punjab Bani ਪ੍ਰਕਾਸ਼ਿਤ :Monday, 04 November, 2024, 01:14 PM

ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਪਾਈਆਂ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਪੰਜਾਬ ਦੇ ਕਿਸਾਨਾਂ ਦੇ ਖਿਲਾਫ ਸਖ਼ਤ ਐਕਸ਼ਨ ਲੈਣ ਦੇ ਚੱਲਦਿਆਂ ਸੈਂਕੜਿਆਂ ਦੇ ਹਿਸਾਬ ਨਾਲ ਰੈੱਡ ਐਂਟਰੀ ਤੇ ਕੇਸ ਦਰਜ ਕੀਤੇ ਗਏ ਹਨ । ਪੰਜਾਬ ਭਰ ’ਚ 1710 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾ ਦਿੱਤੀ ਗਈ ਹੈ । ਸਭ ਤੋਂ ਵੱਧ ਜ਼ਿਲ੍ਹਾ ਪਟਿਆਲਾ ਵਿਚ 264 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ। ਇਸ ਤੋਂ ਬਾਅਦ ਤਰਨਤਾਰਨ ਵਿਚ 241 ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਈ ਗਈ ਹੈ । ਦੱਸਣਯੋਗ ਹੈ ਕਿ ਪਰਾਲੀ ਦੇ ਧੂੰਏਂ ਕਾਰਨ ਲੋਕਾਂ ਅਤੇ ਖੇਤਾਂ ਦੀ ਸਿਹਤ ਵੀ ਦਾਅ ’ਤੇ ਲੱਗ ਗਈ ਹੈ । ਸੜਕੀ ਹਾਦਸੇ ਵੀ ਵਧ ਗਏ ਹਨ । ਦੂਜੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਸੂਬਾ ਸਰਕਾਰ ਦੀ ਇਸ ਕਾਰਵਾਈ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਾਰ ਸੁਪਰੀਮ ਕੋਰਟ ਦਾ ਵੱਡਾ ਡਰ ਸੂਬਾ ਸਰਕਾਰ ਨੂੰ ਹੈ । ਸੂਬਾ ਸਰਕਾਰ ਨੇ ਨਰਮੀ ਦਿਖਾਉਣ ਵਾਲੇ ਸਰਕਾਰ ਦੇ 948 ਕਰਮਚਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਹੈ। ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਬਹੁਤੇ ਨੋਡਲ ਅਫ਼ਸਰਾਂ ਅਤੇ ਸੁਪਰਵਾਈਜ਼ਰੀ ਸਟਾਫ਼ ਨੂੰ ਕਾਰਨ ਦੱਸੋ ਨੋਟਿਸ ਅਤੇ ਚਿਤਾਵਨੀ ਨੋਟਿਸ ਜਾਰੀ ਕੀਤੇ ਗਏ ਹਨ । ਇਵੇਂ ਹੀ 1717 ਕੇਸਾਂ ਵਿਚ ਕਿਸਾਨਾਂ ਨੂੰ 45.05 ਲੱਖ ਰੁਪਏ ਦੇ ਜੁਰਮਾਨੇ ਪਾਏ ਗਏ ਹਨ। ਪੰਜਾਬ ਸਰਕਾਰ ਵੱਲੋਂ ਅੱਗਾਂ ਦੀਆਂ 3537 ਘਟਨਾਵਾਂ ਦੇ ਅਧਾਰ ’ਤੇ ਇਹ ਕਾਰਵਾਈ ਕੀਤੀ ਗਈ ਹੈ ।