ਡਾ: ਮਹੇਸ਼ ਕੁਮਾਰ ਆਹੂਜਾ ਨੇ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲਿਆ

ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ
ਮੋਹਾਲੀ, 16 ਜੂਨ 2023 : ਡਾ: ਮਹੇਸ਼ ਕੁਮਾਰ ਆਹੂਜਾ ਨੇ ਅੱਜ ਜ਼ਿਲ੍ਹੇ ਦੇ ਨਵੇਂ ਸਿਵਲ ਸਰਜਨ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਸਿਵਲ ਸਰਜਨ ਦਫ਼ਤਰ ਦੇ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ: ਆਹੂਜਾ ਪਹਿਲਾਂ ਭਵਾਨੀਗੜ੍ਹ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਕੰਮ ਕਰ ਰਹੇ ਸਨ ਅਤੇ ਹਾਲ ਹੀ ਵਿੱਚ ਉਨ੍ਹਾਂ ਨੂੰ ਡਿਪਟੀ ਡਾਇਰੈਕਟਰ ਵਜੋਂ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਵੱਖ-ਵੱਖ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਹ 1993 ਵਿੱਚ ਸਿਹਤ ਵਿਭਾਗ ਵਿੱਚ ਬਤੌਰ ਮੈਡੀਕਲ ਅਫਸਰ ਭਰਤੀ ਹੋਏ ਸਨ ਅਤੇ 2017 ਵਿੱਚ ਤਰੱਕੀ ਦੇ ਕੇ ਸੀਨੀਅਰ ਮੈਡੀਕਲ ਅਫਸਰ ਬਣੇ ਸਨ।
ਡਾ: ਆਹੂਜਾ ਨੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਵਿਚ ਵੱਖ-ਵੱਖ ਰਾਸ਼ਟਰੀ ਅਤੇ ਰਾਜ ਦੇ ਸਿਹਤ ਪ੍ਰੋਗਰਾਮਾਂ ਅਤੇ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਵਾਹ ਲਾ ਦੇਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸੰਸਥਾਵਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣਾ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀਆਂ ਪ੍ਰਮੁੱਖ ਤਰਜੀਹਾਂ ਹਨ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ।
