ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ

ਐਸ. ਡੀ. ਐਮ. ਰਾਜੇਸ਼ ਸ਼ਰਮਾ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਸਬੰਧੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕਤਾ ਮੁਹਿੰਮ
ਦਿੜ੍ਹਬਾ : ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਐਸ. ਡੀ. ਐਮ. ਦਿੜਬਾ ਰਾਜੇਸ਼ ਸ਼ਰਮਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਸਮੇਤ ਸਬ ਡਵੀਜ਼ਨ ਦੇ ਵੱਖ ਵੱਖ ਪਿੰਡਾਂ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਦੇ ਯੋਗ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਉਪਲਬਧ ਕਰਵਾਈ ਖੇਤੀ ਮਸ਼ੀਨਰੀ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ । ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਦੀ ਸੁਵਿਧਾ ਲਈ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹਨ ਕਿ ਹਰੇਕ ਪਿੰਡ ਵਿੱਚ ਕਿਸਾਨਾਂ ਦੀ ਲੋੜ ਮੁਤਾਬਕ ਖੇਤੀ ਸੰਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਕਿਸਾਨਾਂ ਨੂੰ ਦਰਪੇਸ਼ ਹਰੇਕ ਕਿਸਮ ਦੀਆਂ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾਵੇ । ਉਹਨਾਂ ਦੱਸਿਆ ਜਿੱਥੇ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਸਬੰਧੀ ਲਗਾਤਾਰ ਨਿਗਰਾਨੀ ਪ੍ਰਕਿਰਿਆ ਜਾਰੀ ਹੈ ਉੱਥੇ ਨਾਲ ਹੀ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਮੁਹਿੰਮ ਵਿੱਚ ਸਰਗਰਮ ਯੋਗਦਾਨ ਪਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਤਾਂ ਜੋ ਵਾਤਾਵਰਨ ਦੀ ਸਾਂਭ ਸੰਭਾਲ ਵਿੱਚ ਬਣਦਾ ਯੋਗਦਾਨ ਪਾਇਆ ਜਾ ਸਕੇ । ਇਸ ਮੌਕੇ ਖੇਤੀ ਵਿਕਾਸ ਅਫਸਰ ਸਮੇਤ ਹੋਰ ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਸੰਬੰਧੀ ਤਕਨੀਕਾਂ ਤੋਂ ਜਾਣੂ ਕਰਵਾਇਆ ਅਤੇ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ।
