ਐਸ. ਡੀ. ਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ

ਦੁਆਰਾ: Punjab Bani ਪ੍ਰਕਾਸ਼ਿਤ :Tuesday, 29 October, 2024, 01:30 PM

ਐਸ. ਡੀ. ਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਦੇ ਦੌਰੇ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਤਸ਼ਾਹਿਤ ਕੀਤਾ
ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀ ਮੁਹਿੰਮ ਵਿੱਚ ਸਾਰਥਕ ਯੋਗਦਾਨ ਪਾਉਣ ਦਾ ਸੱਦਾ
ਛਾਜਲੀ /ਸੁਨਾਮ ਊਧਮ ਸਿੰਘ ਵਾਲਾ, : ਸਬ ਡਵੀਜ਼ਨ ਸੁਨਾਮ ਊਧਮ ਸਿੰਘ ਵਾਲਾ ਦੇ ਐਸਡੀਐਮ ਪ੍ਰਮੋਦ ਸਿੰਗਲਾ ਨੇ ਪਿੰਡ ਛਾਜਲੀ ਵਿਖੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਦਿਆਂ ਵਾਤਾਵਰਣ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪ੍ਰੇਰਿਤ ਕੀਤਾ। ਉਹਨਾਂ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਰੁਝਾਨ ਨੂੰ ਰੋਕਦੇ ਹੋਏ ਪਰਾਲੀ ਪ੍ਰਬੰਧਨ ਵੱਲ ਕਦਮ ਵਧਾਉਣਾ ਚਾਹੀਦਾ ਹੈ ਤਾਂ ਕਿ ਬੱਚਿਆਂ ਤੇ ਬਜ਼ੁਰਗਾਂ ਸਮੇਤ ਸਮੁੱਚੀ ਮਨੁੱਖਤਾ ਅਤੇ ਚੌਗਿਰਦੇ ਨੂੰ ਰਹਿੰਦ ਖੂਹੰਦ ਸਾੜਨ ਨਾਲ ਪੈਦਾ ਹੋਣ ਵਾਲੇ ਜ਼ਹਿਰੀਲੇ ਧੂਏਂ ਦੀ ਮਾਰ ਤੋਂ ਬਚਾਇਆ ਜਾ ਸਕੇ ।
ਉਪ ਮੰਡਲ ਮੈਜਿਸਟਰੇਟ ਨੇ ਅਨਾਜ ਮੰਡੀ ਦੇ ਦੌਰੇ ਦੌਰਾਨ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਫਸਲ ਵਿੱਚ ਨਮੀ ਦੀ ਮਾਤਰਾ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮੰਡੀਆਂ ਵਿੱਚ ਕੇਵਲ ਨਿਰਧਾਰਤ ਮਾਪਦੰਡਾਂ ਅਨੁਸਾਰ ਹੀ ਝੋਨੇ ਦੀ ਫਸਲ ਲਿਆਉਣ ਦਾ ਸੱਦਾ ਦਿੱਤਾ ਤਾਂ ਕਿ ਮੰਡੀਆਂ ਵਿੱਚ ਲਿਆਂਦੀ ਜਿਣਸ ਦੀ ਨਾਲੋਂ ਨਾਲ ਖਰੀਦ ਹੋ ਸਕੇ। ਇਸ ਦੌਰਾਨ ਉਹਨਾਂ ਨੇ ਅਧਿਕਾਰੀਆਂ ਨੂੰ ਫਸਲਾਂ ਦੀ ਖਰੀਦ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ । ਐਸ. ਡੀ. ਐਮ. ਨੇ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਨੂੰ ਤਰਜੀਹ ਦਿੱਤੀ ਜਾਵੇ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਇਆ ਜਾ ਸਕਦਾ ਹੈ ਅਤੇ ਬੇਲੋੜੀਆਂ ਖਾਦਾਂ ਪਾਉਣ ਦੀ ਲੋੜ ਵੀ ਨਹੀਂ ਪੈਂਦੀ । ਉਹਨਾਂ ਦੱਸਿਆ ਕਿ ਪਿੰਡ ਵਿੱਚ ਕਿਸਾਨਾਂ ਦੀ ਲੋੜ ਮੁਤਾਬਕ ਫਸਲਾਂ ਦੀ ਰਹਿੰਦ ਖੂਹੰਦ ਦੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਉਪਲਬਧ ਕਰਵਾਈ ਗਈ ਹੈ ਜਿਸ ਦੀ ਕਿਸਾਨਾਂ ਨੂੰ ਲਾਜ਼ਮੀ ਤੌਰ ਤੇ ਵਰਤੋਂ ਕਰਨੀ ਚਾਹੀਦੀ ਹੈ ।