ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਹੰਗਾਮੀ ਬੈਠਕ
ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਜੱਥੇਬੰਦੀਆਂ ਨਾਲ ਹੰਗਾਮੀ ਬੈਠਕ
-ਪੰਜਾਬ ਸਰਕਾਰ ਕਿਸਾਨਾਂ ਦੇ ਨਾਲ, ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਕਿਸਾਨਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਦਾ ਸੱਦਾ
-ਪਰਾਲੀ ਬਿਨ੍ਹਾਂ ਸਾੜੇ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਨਾਲ ਕਣਕ ਬੀਜਣ ਕਿਸਾਨ
-ਕਿਸਾਨ ਜੱਬੇਬੰਦੀਆਂ ਵੱਲੋਂ ਦਿੱਤੀ ਫੀਡਬੈਕ ‘ਤੇ ਵੱਖ-ਵੱਖ ਵਿਭਾਗਾਂ ਨੂੰ ਤੁਰੰਤ ਨਿਰਦੇਸ਼ ਜਾਰੀ
ਪਟਿਆਲਾ, 25 ਅਕਤੂਬਰ:
ਪਟਿਆਲਾ ਜ਼ਿਲ੍ਹੇ ਅੰਦਰ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ, ਕਿਸਾਨ ਯੂਨੀਅਨ ਡਕੌਂਦਾ, ਕਿਸਾਨ ਯੂਨੀਅਨ ਸਿੱਧੂਪੁਰ, ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਤੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਵੱਖ-ਵੱਖ ਨੁਮਾਇੰਦਿਆਂ ਇੱਕ ਹੰਗਾਮੀ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤਹਿਤ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਪਰੰਤੂ ਖੇਤਾਂ ਵਿੱਚ ਪਰਾਲੀ ਨੂੰ ਸੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਟੀਮ ਵਜੋਂ ਕੰਮ ਦੀ ਲੋੜ ਹੈ ਤਾਂ ਕਿ ਅਸੀਂ ਆਪਣਾ ਵਾਤਾਵਰਣ ਖਰਾਬ ਹੋਣ ਤੋਂ ਬਚਾਅ ਸਕੀਏ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਸਾਨ ਜੱਥੇਬੰਦੀਆ ਨੂੰ ਸੁਪਰੀਮ ਕੋਰਟ, ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸਰਕਾਰ ਵੱਲੋਂ ਪਰਾਲੀ ਸਾੜਨ ਉਤੇ ਪੂਰੀ ਤਰ੍ਹਾਂ ਰੋਕ ਲਗਾਏ ਜਾਣ ਦੇ ਨਿਰਦੇਸ਼ਾਂ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਖੇਤਾਂ ਵਿੱਚ ਜਾ ਜਾ ਕੇ ਜਮੀਨੀ ਪੱਧਰ ‘ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਹੈਪੀ ਸੀਡਰ, ਸੁਪਰ ਸੀਡਰ ਤੇ ਸਰਫੇਸ ਸੀਡਰ ਅਤੇ ਮਲਚਰ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਦੇ ਪਿੰਡਾਂ ਦੀ ਪੂਰੀ ਸੂਚੀ ਬਣਾ ਲਈ ਹੈ, ਜਿੱਥੇ ਬੇਲਰਾਂ ਦੀ ਲੋੜ ਹੈ, ਉਥੇ ਬੇਲਰ ਮਸ਼ੀਨਾਂ ਅਤੇ ਜਿੱਥੇ ਕਣਕ ਦੀ ਬਿਜਾਈ ਬਿਨ੍ਹਾਂ ਅੱਗ ਲਾਏ ਕੀਤੀ ਜਾ ਸਕਦੀ ਹੈ, ਉਥੇ ਸਬੰਧਤ ਮਸ਼ੀਨਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਕੇ ਇਹ ਪ੍ਰਣ ਕਰਨਾ ਹੋਵੇਗਾ ਕਿ ਖੇਤਾਂ ਵਿੱਚ ਅੱਗ ਕਿਸੇ ਵੀ ਕੀਮਤ ਉਤੇ ਨਾ ਲੱਗਣ ਦਿੱਤੀ ਜਾਵੇ।
ਕਿਸਾਨ ਜੱਥੇਬੰਦੀਆਂ ਦੇ ਨੇ ਕਿਹਾ ਕਿ ਕੋਈ ਵੀ ਕਿਸਾਨ ਅੱਗ ਨਹੀਂ ਲਗਾਉਣਾ ਚਾਹੁੰਦਾ ਪਰੰਤੂ ਕਿਸਾਨਾਂ ਦੀਆਂ ਕੁਝ ਮੁਸ਼ਕਿਲਾ ਹਨ, ਜਿਨ੍ਹਾਂ ਦੇ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਨੇ ਕਿਸਾਨ ਜੱਬੇਬੰਦੀਆਂ ਵੱਲੋਂ ਸਾਂਝੀ ਕੀਤੀ ਫੀਡਬੈਕ ਬਾਰੇ ਵੱਖ-ਵੱਖ ਵਿਭਾਗਾਂ ਨੂੰ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ ਉਸ ਨੂੰ ਸਨਮਾਨਤ ਕੀਤਾ ਜਾਵੇਗਾ। ਇਸ ‘ਤੇ ਕਿਸਾਨ ਜਥੇਬੰਦੀਆਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀ ਕਿਸਾਨਾਂ ਨੂੰ ਸਮਝਾ ਕੇ ਆਪਣੇ ਪਿੰਡਾਂ ਵਿੱਚ ਅੱਗ ਨਹੀਂ ਲੱਗਣ ਦੇਣਗੇ।