ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ-ਡਾ. ਬਲਬੀਰ ਸਿੰਘ
ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ‘ਚ ਆਏ ਮਰੀਜਾਂ ਦੇ ਵਾਰਸਾਂ ਨੂੰ ਕੋਈ ਦਵਾਈ ਲੈਣ ਬਾਹਰ ਨਹੀਂ ਜਾਣਾ ਪਵੇਗਾ-ਡਾ. ਬਲਬੀਰ ਸਿੰਘ
-ਕਿਹਾ, ਰਾਜਿੰਦਰਾ ਹਪਸਤਾਲ ‘ਚ ਮੁੱਖ ਮੰਤਰੀ ਮਰੀਜ ਫੈਸਿਲੀਟੇਸ਼ਨ ਸੈਂਟਰ ਦੀ ਸ਼ੁਰੂਆਤ ਜਲਦੀ
-ਮੈਡੀਕਲ ਕਾਲਜ ਤੇ ਰਾਜਿੰਦਰਾ ਹਸਪਤਾਲ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਪਟਿਆਲਾ, 4 ਨਵੰਬਰ:
ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿਹਤ ਕਰਾਂਤੀ ਦੀ ਕੀਤੀ ਸ਼ੁਰੂਆਤ ਤਹਿਤ ਸਰਕਾਰੀ ਰਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜਾਂ ਦੇ ਵਾਰਸਾਂ ਨੂੰ ਦਵਾਈਆਂ ਤੇ ਹੋਰ ਸਮਾਨ ਲੈਣ ਲਈ ਐਮਰਜੈਂਸੀ ਤੋਂ ਬਾਹਰ ਨਹੀਂ ਜਾਣਾ ਪਵੇਗਾ।
ਇੱਥੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਮੈਡੀਕਲ ਕਾਲਜ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਡਾ. ਬਲਬੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਦੀ ਪ੍ਰਗਤੀ ਉਨ੍ਹਾਂ ਦੇ ਡੈਸ਼ ਬੋਰਡ ਉਪਰ ਦਰਸਾਈ ਜਾਣੀ ਯਕੀਨੀ ਬਣਾਈ ਜਾਵੇ। ਇਸ ਮੌਕੇ ਮੈਡੀਕਲ ਸਿੱਖਿਆ ਤੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੀ ਮੌਜੂਦ ਸਨ। ਉਨ੍ਹਾਂ ਲੋਕ ਨਿਰਮਾਣ ਵਿਭਾਗ ਸਮੇਤ ਉਸਾਰੀ ਕਾਰਜਾਂ ‘ਚ ਲੱਗੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਕੰਮ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੈਡੀਕਲ ਸਿੱਖਿਆ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ‘ਮੁੱਖ ਮੰਤਰੀ ਪੇਸ਼ੈਂਟ ਫੈਸਿਲੀਟੇਸ਼ਨ ਸੈਂਟਰ’ ਦੀ ਸ਼ੁਰੂਆਤ ਬਹੁਤ ਜਲਦ ਕੀਤੀ ਜਾਵੇਗੀ, ਜਿੱਥੇ ਕਿ ਮਰੀਜਾਂ ਲਈ ਰਿਸੈਪਸ਼ਨ, ਮੈਡੀਕਲ ਸਟੋਰ, ਵੈਲਕਮ ਤੇ ਹੈਲਪ ਡੈਸਕ ਤੇ ਪੀਣ ਵਾਲੇ ਪਾਣੀ ਤੇ ਟੁਆਇਲਟ ਦੀ ਸਹੂਲਤ ਉਪਲੱਬਧ ਕਰਵਾਈ ਜਾਵੇਗੀ। ਉਨ੍ਹਾਂ ਨੇ ਹਦਾਇਤ ਕੀਤੀ ਕਿ ਇੱਥੇ ਪੀ.ਜੀ.ਆਈ. ਦੀ ਤਰਜ ‘ਤੇ ਮੁੱਖ ਮੰਤਰੀ ਹਸਪਤਾਲ ਭਲਾਈ ਕਮੇਟੀ ਸਮੇਤ ਐਮਰਜੈਂਸੀ ‘ਚ ਮਰੀਜਾਂ ਦੀ ਸੰਭਾਲ ਲਈ ਵੀ ਬਣਾਈ ਜਾਵੇ ਤੇ ਇਸ ਮਾਡਲ ਨੂੰ ਸਾਰੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਲਾਗੂ ਕੀਤਾ ਜਾਵੇਗਾ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲਵਾ ਖੇਤਰ ਦੇ ਇਸ ਉੱਘੇ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ।
ਮੀਟਿੰਗ ਮੌਕੇ ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ ਡਾ. ਅਵਨੀਸ਼ ਕੁਮਾਰ, ਸੰਯੁਕਤ ਡੀ.ਆਰ.ਐਮ.ਈ. ਡਾ. ਅਨੀਸ਼ ਅਗਰਵਾਲ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਐਕਟਿੰਗ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਮੈਡੀਕਲ ਸੁਪਰਡੈਂਟ ਡਾ. ਐਚ.ਐਸ. ਰੇਖੀ, ਕਰਨਲ ਜੇ.ਵੀ. ਸਿੰਘ, ਬਲਵਿੰਦਰ ਸੈਣੀ, ਨਿਊਰੋਸਰਜਨ ਡਾ. ਹਰੀਸ਼ ਕੁਮਾਰ ਤੋਂ ਇਲਾਵਾ ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡਿਪਟੀ ਐਮ.ਐਸ. ਡਾ. ਵਿਨੋਦ ਡੰਗਵਾਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।