ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ
ਰਾਜ ਚ ਸਿਹਤ ਕ੍ਰਾਂਤੀ ਦੇ ਦੂਜੇ ਪੜਾਅ ਤਹਿਤ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਪਟਿਆਲਾ ਤੋਂ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ: ਚੇਤਨ ਸਿੰਘ ਜੌੜਾਮਾਜਰਾ
–
ਪਟਿਆਲਾ, 30 ਸਤੰਬਰ:
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਸੂਬੇ ਵਿੱਚ ਵਿੱਦਿਆ ਕ੍ਰਾਂਤੀ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਤੋਂ ਬਾਅਦ ਪੰਜਾਬ ਸਿਹਤ ਕ੍ਰਾਂਤੀ ਦੇ ਇੱਕ ਹੋਰ ਰਾਹ ‘ਤੇ ਤੁਰਨ ਲਈ ਤਿਆਰ ਹੈ।ਇਸ ਬਦਲਾਅ ਦੀ ਪਹਿਲਕਦਮੀ ਦੀ ਸ਼ੁਰੂਆਤ ਪਟਿਆਲਾ ਸ਼ਹਿਰ ਤੋਂ ਹੋਵੇਗੀ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 2 ਅਕਤੂਬਰ ਨੂੰ ‘ਸਿਹਤਮੰਦ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਦੇ ਹਿੱਸੇ ਵਜੋਂ ਕੁੱਲ 550 ਕਰੋੜ ਰੁਪਏ ਦੇ ਸਿਹਤ ਸੰਭਾਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਤੇ ਰਹਿਨੁਮਾਈ ਹੇਠ ਪੰਜਾਬ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਸ਼ ਅੰਦਰ ਤੇਜ਼ੀ ਨਾਲ ਮੋਹਰੀ ਸੂਬਾ ਬਣ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਸਿਹਤ ਕ੍ਰਾਂਤੀ ਦੇ ਪਹਿਲੇ ਪੜਾਅ ਤਹਿਤ ਸੂਬੇ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ।
ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ 18 ਮਹੀਨਿਆਂ ਦੇ ਅੰਦਰ ਹੀ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ ਅਤੇ ਹੋਰ ਵਰਗੀਆਂ ਵੱਡੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਇਸੇ ਤਰ੍ਹਾਂ ਸ: ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਈ ਹੋਰ ਗਾਰੰਟੀਆਂ, ਜੋ ਲੋਕਾਂ ਨੂੰ ਪੇਸ਼ ਨਹੀਂ ਕੀਤੀਆਂ ਗਈਆਂ ਸਨ, ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ।
ਸ: ਚੇਤਨ ਸਿੰਘ ਜੌੜਾਮਾਜਰਾ ਨੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਉਪਕਰਣਾਂ ਨਾਲ ਲੈਸ ਕਰਕੇ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਆਪਣੀ ਅਟੱਲ ਵਚਨਬੱਧਤਾ ਨਿਭਾਈ ਹੈ।ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ 2 ਅਕਤੂਬਰ ਨੂੰ ਪਟਿਆਲਾ-ਸੰਗਰੂਰ ਰੋਡ ਵਿਖੇ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ ਵਿਖੇ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਰਗਰਮੀ ਨਾਲ ਨਿਗਰਾਨੀ ਵੀ ਕਰ ਰਹੇ ਹਨ।