ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ 'ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
ਪੰਜਾਬ ਰਾਜ ਵੱਲੋਂ ਵਧੀਆ ਪ੍ਰਦਰਸ਼ਨ ‘ਤੇ ਪੋਸ਼ਣ ਮਾਹ ਵਿੱਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
ਚੰਡੀਗੜ੍ਹ, 29 ਸਤੰਬਰ
ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ।
ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ ‘ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।
ਮੰਤਰੀ ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ।