ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਛੇ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਛੇ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
-ਜਾਗਰੂਕਤਾ ਵੈਨਾਂ ਰਾਹੀਂ ਬਲਾਕ ਪੱਧਰ ‘ਤੇ ਪਰਾਲੀ ਪ੍ਰਬੰਧਨ ਕਰਨ ਵਾਲੀ ਮਸ਼ੀਨਰੀ ਦੀ ਉਪਲਬੱਧਤਾ ਸਬੰਧੀ ਵੀ ਦਿੱਤੀ ਜਾਵੇਗੀ ਜਾਣਕਾਰੀ : ਡਿਪਟੀ ਕਮਿਸ਼ਨਰ
-ਕਿਹਾ, ਕਿਸਾਨਾਂ ਕੋਲ ਅਗਲੀ ਫ਼ਸਲ ਲਗਾਉਣ ਲਈ ਢਕਵਾਂ ਸਮਾਂ
-ਵੈਨਾਂ ਰਾਹੀਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੀ ਕੀਤੀ ਜਾਵੇਗੀ ਵੰਡ
ਪਟਿਆਲਾ 26 ਸਤੰਬਰ:
ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਨੂੰ ਬਿਨਾਂ ਅੱਗ ਲਗਾਏ ਇਸ ਦੇ ਸੁਚੱਜੇ ਪ੍ਰਬੰਧਨ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਕਿਸਾਨਾਂ ਨੂੰ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਿਆਰ ਕੀਤੀਆਂ ਛੇ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਛੇ ਵੈਨਾਂ ਅਗਲੇ 20 ਦਿਨ ਪਟਿਆਲਾ ਜ਼ਿਲ੍ਹੇ ਦੇ ਸਾਰੇ ਛੇ ਬਲਾਕਾਂ ਦੇ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਸਹੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਦੇ ਨਾਲ ਨਾਲ ਬਲਾਕ ਵਿੱਚ ਮੌਜੂਦ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਸਬੰਧੀ ਵੀ ਜਾਣਕਾਰੀ ਦੇਣਗੀਆਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਸਾਹਿਤ ਦੀ ਵੰਡ ਵੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਵਾਰ ਕੁਝ ਖੇਤਰਾਂ ‘ਚ ਝੋਨੇ ਦੀ ਲਵਾਈ ਦੋਹਰੀ ਵਾਰ ਹੋਣ ਕਾਰਨ ਕਿਸਾਨਾਂ ਵਿੱਚ ਇਹ ਡਰ ਹੈ ਕਿ ਉਨ੍ਹਾਂ ਦੀ ਫ਼ਸਲ ਦੇਰੀ ਨਾਲ ਪੱਕਣ ਕਾਰਨ ਅਗਲੀ ਫ਼ਸਲ ਬੀਜਣ ਵਿੱਚ ਵੀ ਦੇਰੀ ਹੋ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਬਰਾਹਟ ਵਿੱਚ ਨਾ ਆਉਣ ਕਿਉਂਕਿ ਅਗਲੀ ਫ਼ਸਲ ਬੀਜਣ ਲਈ ਸਾਡੇ ਕੋਲ ਸਮਾਂ ਮੌਜੂਦ ਹੈ ਅਤੇ ਖੇਤੀਬਾੜੀ ਵਿਭਾਗ ਕੋਲ ਅਜਿਹੀਆਂ ਕਿਸਮਾਂ ਵੀ ਮੌਜੂਦ ਹਨ ਜੋ ਘੱਟ ਸਮੇਂ ਵਿੱਚ ਜ਼ਿਆਦਾ ਝਾੜ ਵੀ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀਬਾੜੀ ਨਾਲ ਸਬੰਧਤ ਕਿਸੇ ਵੀ ਮੁਸ਼ਕਲ ਲਈ ਆਪਣੇ ਬਲਾਕ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਨ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਬਲਾਕ ਪਟਿਆਲਾ ਤੇ ਰਾਜਪੁਰਾ ਦੇ ਕਿਸਾਨ ਖੇਤੀਬਾੜੀ ਅਫ਼ਸਰ ਅਵਨਿੰਦਰ ਸਿੰਘ ਮਾਨ ਨਾਲ ਸੰਪਰਕ ਨੰਬਰ 80547-04471 ‘ਤੇ ਰਾਬਤਾ ਕਰ ਸਕਦੇ ਹਨ। ਜਦ ਕਿ ਭੁਨਰਹੇੜੀ ਅਤੇ ਸਨੌਰ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਵਿਮਲਪ੍ਰੀਤ ਸਿੰਘ ਸੰਪਰਕ ਨੰਬਰ 98159-82309, ਸਮਾਣਾ ਅਤੇ ਪਾਤੜਾਂ ਬਲਾਕ ਦੇ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਸਤੀਸ਼ ਕੁਮਾਰ ਸੰਪਰਕ ਨੰਬਰ 97589-00047 ਨਾਲ ਸੰਪਰਕ ਕਰ ਸਕਦੇ ਹਨ। ਨਾਭਾ ਬਲਾਕ ਦੇ ਕਿਸਾਨ ਖੇਤੀਬਾੜੀ ਅਫ਼ਸਰ ਕੁਲਦੀਪਇੰਦਰ ਸਿੰਘ ਢਿਲੋਂ ਸੰਪਰਕ ਨੰਬਰ 80547-04473 ਨਾਲ ਅਤੇ ਘਨੌਰ ਬਲਾਕ ਦੇ ਕਿਸਾਨ ਖੇਤੀਬਾੜੀ ਵਿਕਾਸ ਅਫ਼ਸਰ ਜੁਪਿੰਦਰ ਸਿੰਘ ਸੰਪਰਕ ਨੰਬਰ 73070-59201 ‘ਤੇ ਰਾਬਤਾ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਆਪਣੇ ਖੇਤਾਂ ਵਿਚ ਹੀ ਵਾਹ ਕੇ ਜਾਂ ਇਸ ਦੀਆਂ ਗੱਠਾਂ ਬੰਨਵਾ ਕੇ ਇਸ ਦੀ ਸੁਚੱਜੀ ਸਾਂਭ ਸੰਭਾਲ ਕੀਤੀ ਜਾਵੇ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਕਿਸਾਨ ਆਪਣਾ ਬਹੁਮੁੱਲਾ ਯੋਗਦਾਨ ਦੇਣ। ਵੈਨਾਂ ਦੀ ਰਵਾਨਗੀ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰਪਾਲ ਸਿੰਘ ਚੱਠਾ ਤੇ ਖੇਤੀਬਾੜੀ ਇੰਜੀਨੀਅਰ ਪ੍ਰਭਦੀਪ ਸਿੰਘ ਵੀ ਮੌਜੂਦ ਸਨ।