ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ

ਦੁਆਰਾ: News ਪ੍ਰਕਾਸ਼ਿਤ :Friday, 07 July, 2023, 07:13 PM

ਜਰਮਨ ਰਾਜਦੂਤ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 7 ਜੁਲਾਈ:
ਭਾਰਤ ਵਿੱਚ ਜਰਮਨ ਰਾਜਦੂਤ ਸ੍ਰੀ ਫਿਲਿਪ ਐਕਰਮੈਨ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ।
ਪੰਜਾਬ ਵਿਧਾਨ ਸਭਾ ਵਿਖੇ ਹੋਈ ਮੀਟਿੰਗ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਦੋਵਾਂ ਦੇਸ਼ਾਂ ਵਿਚਾਲੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ, ਉਥੇ ਸ: ਸੰਧਵਾਂ ਨੇ ਜਰਮਨੀ ‘ਚ ਵਸਦੇ ਸਿੱਖਾਂ ਦੇ ਮੁੱਦਿਆਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਭਾਰਤ ਅਤੇ ਜਰਮਨੀ ਦਰਮਿਆਨ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਕਿਹਾ ਅਤੇ ਕਿਹਾ ਕਿ ਦੋਵੇਂ ਦੇਸ਼ ਵੱਖ-ਵੱਖ ਖੇਤਰਾਂ ਵਿੱਚ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
ਸ. ਸੰਧਵਾਂ ਨੇ ਸ੍ਰੀ ਫਿਲਿਪ ਐਕਰਮੈਨ ਨੂੰ ਜਰਮਨ ਤੋਂ ਪੰਜਾਬ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੇ ਨਾਲ-ਨਾਲ ਜਰਮਨ ਕੰਪਨੀਆਂ ਨੂੰ ਪੰਜਾਬ ਰਾਜ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨ ਲਈ ਵੀ ਕਿਹਾ।
ਇਸ ਦੌਰਾਨ ਸ੍ਰੀ ਐਕਰਮੈਨ ਨੇ ਕਿਹਾ ਕਿ ਜਰਮਨੀ ਭਾਰਤ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦਾ ਇੱਛੁਕ ਹੈ, ਜਿਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਹੋਰ ਹੁਲਾਰਾ ਮਿਲੇਗਾ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਪੀਟਰ ਸਟੇਨਲਰ, ਵਿੱਤ ਸਕੱਤਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਵਿਧਾਨ ਸਭਾ ਸ੍ਰੀ ਰਾਮ ਲੋਕ ਖਟਾਣਾ ਆਦਿ ਹਾਜ਼ਰ ਸਨ।