ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ: ਅਨੁਰਾਗ ਵਰਮਾ
ਮੁੱਖ ਸਕੱਤਰ ਵੱਲੋਂ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਬੰਧਕੀ ਸਕੱਤਰਾਂ ਤੇ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ
ਡੈਮਾਂ ਵਿੱਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ
ਮੌਜੂਦਾ ਸਥਿਤੀ ਨਾਲ ਨਜਿੱਠਣ ਲਈ 33.50 ਕਰੋੜ ਰੁਪਏ ਜਾਰੀ
ਡੀ.ਸੀ.,ਐਸ.ਐਸ.ਪੀ, ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓ, ਪਟਵਾਰੀ ਸਣੇ ਸਾਰੇ ਵਿਭਾਗੀ ਅਧਿਕਾਰੀਆਂ ਨੂੰ ਫੀਲਡ ਵਿੱਚ ਤਾਇਨਾਤ ਰਹਿਣ ਦੇ ਆਦੇਸ਼
ਮਨੁੱਖੀ ਜਾਨਾਂ ਸਭ ਤੋਂ ਕੀਮਤੀ, ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣਾ ਪ੍ਰਮੁੱਖ ਤਰਜੀਹ
ਚੰਡੀਗੜ੍ਹ, 10 ਜੁਲਾਈ:
ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਲਗਾਤਾਰ ਪੈ ਰਹੀ ਭਾਰੀ ਬਾਰਸ਼ ਕਾਰਨ ਸਥਿਤੀ ਦਾ ਜਾਇਜ਼ਾ ਲੈਣ ਅਤੇ ਸੂਬੇ ਵਿੱਚ ਰਾਹਤ ਕਾਰਜਾਂ ਨੂੰ ਤੇਜ਼ ਕਰਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਨਾਲ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ।
ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਪੈਦਾ ਹੋਈ ਸਥਿਤੀ ਦੀ ਨਿਗਰਾਨੀ ਕਰਨ ਅਤੇ ਹੜ੍ਹਾਂ ਦੇ ਸੰਭਾਵੀ ਖਤਰੇ ਨਾਲ ਨਜਿੱਠਣ ਲਈ ਦਿੱਤੇ ਨਿਰਦੇਸ਼ਾਂ ਉਤੇ ਚੱਲਦਿਆਂ ਫੀਲਡ ਵਿੱਚ ਜ਼ਿਲਿਆਂ ਦਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਮੁਸਤੈਦੀ ਨਾਲ ਤਾਇਨਾਤ ਹੈ ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ, ਐਸ.ਐਸ.ਪੀ., ਐਸ.ਡੀ.ਐਮਜ਼, ਤਹਿਸੀਲਦਾਰ, ਬੀ.ਡੀ.ਪੀ.ਓਜ਼, ਪਟਵਾਰੀ ਸਣੇ ਸਬੰਧਤ ਵਿਭਾਗਾਂ ਦੇ ਫੀਲਡ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਫੀਲਡ ਅਧਿਕਾਰੀ ਲੋਕ ਨੁਮਾਇੰਦਿਆਂ ਅਤੇ ਆਮ ਲੋਕਾਂ ਨਾਲ ਤਾਲਮੇਲ ਬਿਠਾਉਦੇ ਹੋਏ ਨਿਰੰਤਰ ਰਾਬਤਾ ਬਣਾ ਕੇ ਰੱਖਣ। ਉਨ੍ਹਾਂ ਦੱਸਿਆ ਕਿ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਸੂਬੇ ਦੇ ਆਫ਼ਤਨ ਰਾਹਤ ਫੰਡ ਵਿੱਚੋਂ 33.50 ਕਰੋੜ ਰੁਪਏ ਤੁਰੰਤ ਜਾਰੀ ਕਰ ਦਿੱਤੇ ਗਏ ਹਨ।
ਮੀਟਿੰਗ ਵਿੱਚ ਜਲ ਸਰੋਤ ਵਿਭਾਗ ਵੱਲੋਂ ਸੂਬੇ ਭਰ ਵਿੱਚ ਜਲ ਭੰਡਾਰਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ। ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1614.89 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ। ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1706.26 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ।
ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਮਨੁੱਖੀ ਜਾਨਾਂ ਸਭ ਤੋਂ ਕੀਮਤੀ ਹਨ ਅਤੇ ਉਨ੍ਹਾਂ ਨੂੰ ਬਚਾਉਣਾ ਪ੍ਰਮੁੱਖ ਤਰਜੀਹ ਹੈ। ਉਨਾਂ ਕਿਹਾ ਕਿ ਨੀਵੇਂ ਪਾਣੀ ਵਾਲੇ ਖੇਤਰਾਂ ਅਤੇ ਹੜਾਂ ਦੇ ਸੰਭਾਵੀ ਖਤਰੇ ਵਾਲੇ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਣ ਨੂੰ ਪਹਿਲ ਦਿੱਤੀ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲੋੜ ਪੈਣ ਉਤੇ ਖਾਣ ਵਾਲੇ ਪੈਕੇਟ ਤਿਆਰ ਕਰਨ ਲਈ ਕਿਹਾ। ਇਸ ਕੰਮ ਲਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਤਾਲਮੇਲ ਕਰਕੇ ਲੋੜੀਂਦੇ ਸਰਕਾਰੀ ਫੰਡਾਂ ਦੀ ਵਰਤੋਂ ਕੀਤੀ ਜਾਵੇ। ਬਿਜਲੀ ਤੇ ਟੈਲੀਕਾਮ ਵਿਭਾਗ ਨੂੰ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਾ ਯਕੀਨੀ ਬਣਾਉਣ ਲਈ ਕਿਹਾ। ਜਲ ਸਪਲਾਈ ਵਿਭਾਗ ਲੋਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਵੀ ਯਕੀਨੀ ਬਣਾਵੇ। ਸਿਹਤ ਵਿਭਾਗ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਤਿਆਰ ਰਹੇ। ਇਸ ਮੌਕੇ ਕਲੋਰੀਨ ਦੀਆਂ ਗੋਲੀਆਂ ਲਈ ਤੁਰੰਤ ਫੰਡ ਜਾਰੀ ਕਰਨ ਲਈ ਕਿਹਾ। ਪਸ਼ੂ ਪਾਲਣ ਵਿਭਾਗਾਂ ਨੂੰ ਪਸ਼ੂ ਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅਗਾਊਂ ਇੰਤਜ਼ਾਮ ਕਰਨ ਲਈ ਕਿਹਾ। ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸਥਾਨਕ ਸਰਕਾਰਾਂ ਵਿਭਾਗ ਨੂੰ ਆਪਣੇ ਨੁਮਾਇੰਦਿਆਂ ਨਾਲ ਸ਼ਹਿਰਾਂ ਤੇ ਪਿੰਡਾਂ ਵਿੱਚ ਲੋਕਾਂ ਦੀ ਮੱਦਦ ਲਈ ਤਿਆਰ ਬਰ ਤਿਆਰ ਰਹਿਣ ਲਈ ਕਿਹਾ।
ਮੁੱਖ ਸਕੱਤਰ ਵੱਲੋਂ ਫੀਲਡ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ ਜਿਸ ਵਿੱਚ ਐਸ.ਏ.ਐਸ. ਨਗਰ, ਪਟਿਆਲਾ, ਰੂਪਨਗਰ ਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਵੱਲੋਂ ਦੱਸਿਆ ਗਿਆ ਕਿ ਉਨਾਂ ਦੇ ਜ਼ਿਲਿਆਂ ਵਿੱਚ ਕੁਝ ਥਾਵਾਂ ਉਤੇ ਸਥਿਤੀ ਗੰਭੀਰ ਹੈ ਪਰ ਪ੍ਰਸ਼ਾਸਨ ਵੱਲੋਂ ਮੁਸਤੈਦੀ ਨਾਲ ਕੰਮ ਕੀਤਾ ਜਾ ਰਿਹਾ ਹੈ। ਮੁੱਖ ਸਕੱਤਰ ਨੇ ਸਾਰੇ ਜ਼ਿਲਿਆਂ ਨੂੰ ਆਖਿਆ ਕਿ ਆਪਣੀ ਤਰਜੀਹਾਂ ਨਿਰਧਾਰਤ ਕਰਦੇ ਹੋਏ ਜੋ ਮੱਦਦ ਲੋੜੀਂਦੀ ਹੈ, ਉਸ ਤੋਂ ਜਾਣੂੰ ਕਰਵਾਇਆ ਗਿਆ। ਇਸ ਮੌਕੇ ਐਨ.ਡੀ.ਆਰ.ਐਫ. ਦੇ ਕਮਾਡੈਂਟ ਨੇ ਦੱਸਿਆ ਕਿ ਪੰਜਾਬ ਵਿੱਚ 14 ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਹਨ। ਰੂਪਨਗਰ ਜਿੱਥੇ ਹੁਣ ਚਾਰ ਟੀਮਾਂ ਤਾਇਨਾਤ ਸਨ, ਡਿਪਟੀ ਕਮਿਸ਼ਨਰ ਵੱਲੋਂ ਮੰਗ ਕੀਤੇ ਜਾਣ ਉਤੇ ਇਕ ਹੋਰ ਟੀਮ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ।
ਮੁੱਖ ਸਕੱਤਰ ਵੱਲੋਂ ਮੀਟਿੰਗ ਵਿੱਚ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਗੱਲ ਕਰਕੇ ਕਾਰਪੋਰੇਸ਼ਨ ਸ਼ਹਿਰਾਂ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ ਗਿਆ। ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਲੋੜੀਂਦੀਆਂ ਸੇਵਾਵਾਂ ਮੁਹੱਈਆ ਰੱਖਣਾ ਯਕੀਨੀ ਬਣਾਇਆ ਜਾਵੇ। ਦੂਰ ਵਾਲੇ ਜ਼ਿਲਿਆਂ ਕਪੂਰਥਲਾ, ਤਰਨਤਾਰਨ, ਮੋਗਾ ਵਿੱਚ ਜਿੱਥੇ ਹਾਲੇ ਸਥਿਤੀ ਪੂਰੀ ਕੰਟਰੋਲ ਵਿੱਚ ਹੈ, ਨੂੰ ਅਗਾਊਂ ਪ੍ਰਬੰਧ ਕਰਦਿਆਂ ਸਥਿਤੀ ਉਤੇ ਨਿਗਰਾਨੀ ਰੱਖਣ ਲਈ ਕਿਹਾ ਕਿਉਕਿ ਪਹਾੜਾਂ ਵਿੱਚ ਬਾਰਸ਼ਾਂ ਹੋਣ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸੇ ਤਰ੍ਹਾਂ ਮੌਜੂਦਾ ਸਥਿਤੀ ਨੂੰ ਦੇਖਦਿਆਂ ਸੈਨਾ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਿਆ ਜਾ ਰਿਹਾ ਹੈ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਵਿੱਤ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਸਕੱਤਰ ਗ੍ਰਹਿ ਜਸਵਿੰਦਰ ਕੌਰ ਸਿੱਧੂ, ਸਕੱਤਰ ਵਿੱਤ ਗੁਰਪ੍ਰੀਤ ਕੌਰ ਸਪਰਾ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ, ਵਿਸ਼ੇਸ਼ ਸਕੱਤਰ ਮਾਲ ਡਾ. ਅਮਰਪਾਲ ਸਿੰਘ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਸ਼ੇਸ਼ ਸਕੱਤਰ ਬਿਜਲੀ ਭੁਪਿੰਦਰ ਸਿੰਘ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ। ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।
——–