ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ
ਸਥਾਨਕ ਸਰਕਾਰਾਂ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
ਕਿਹਾ, ਪੰਜਾਬ ਸਰਕਾਰ ਔਖੀ ਘੜੀ ’ਚ ਲੋਕਾਂ ਦੇ ਨਾਲ ਖੜ੍ਹੀ ਹੈ
ਚੰਡੀਗੜ੍ਹ, 13 ਜੁਲਾਈ :
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਸੂਬਾ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਖਾਣਾ ਅਤੇ ਹੋਰ ਜਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਲੋਂ ਲੋਕਾਂ ਦੀ ਸਹਾਇਤਾ ਲਈ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਨਾਂ ਵਲੋਂ ਦਿਨ-ਰਾਤ ਲੋਕਾਂ ਤੱਕ ਜਰੂਰਤ ਦਾ ਹਰ ਸਮਾਨ ਪਹੁੰਚਾਇਆ ਜਾ ਰਿਹਾ ਹੈ।
ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਰਗੇ ਹਲਾਤਾਂ ਨਾਲ ਨਿਪਟਣ ਲਈ ਸਾਰੇ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆ ਸਕੇ। ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਨਾਲ ਨਿਪਟਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਅਸੀਂ ਸਭ ਮਿਲ ਕੇ ਇਸ ਚੁਣੌਤੀ ਨੂੰ ਸਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ।