ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ : ਹਰਭਜਨ ਸਿੰਘ ਈ. ਟੀ. ਓ.

ਪੰਜਾਬ ਸਰਕਾਰ ਦੀ ਫੈਸਲਾਕੁੰਨ ਜੰਗ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰੇਗੀ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਸ਼ਨੀਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਉਣਗੇ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਹੋਵੇਗਾ । ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਸਪੱਸ਼ਟ ਅਤੇ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਜਾਂ ਤਾਂ ਸੂਬਾ ਛੱਡ ਦੇਣ ਜਾਂ ਫਿਰ ਆਪਣੀਆਂ ਨਾਜਾਇਜ਼ ਗਤੀਵਿਧੀਆਂ ‘ਤੇ ਮੁਕੰਮਲ ਰੋਕ ਲਗਾ ਦੇਣ । ਉਨ੍ਹਾਂ ਕਿਹਾ ਕਿ ਇਹ ਚੇਤਾਵਨੀ ਪੰਜਾਬ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਪੁੱਟੇ ਜਾ ਰਹੇ ਠੋਸ ਕਦਮਾਂ ਦੇ ਹਿੱਸੇ ਵਜੋਂ ਆਈ ਹੈ । ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਦੀ ਤਸਕਰੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਦਾ ਉਦੇਸ਼ ਨੌਜਵਾਨਾਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਵਿਨਾਸ਼ਕਾਰੀ ਪ੍ਰਭਾਵਾਂ ਤੋਂ ਬਚਾਉਣ ਲਈ ਵਚਨਬੱਧਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਪੰਜਾਬ ਵਾਸੀ ਜਲਦੀ ਹੀ ਨਸ਼ਾ ਮੁਕਤ ਰੰਗਲੇ ਪੰਜਾਬ ਦੀ ਗਵਾਹੀ ਭਰਨਗੇ ।
