ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ

‘ ਯੁੱਧ ਨਸ਼ਿਆਂ ਵਿਰੁੱਧ’:
ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿਖੇ ਚੱਲੀ ਵਿਸ਼ੇਸ਼ ਚੈਕਿੰਗ ਮੁਹਿੰਮ
ਪੁਲਿਸ ਵੱਲੋਂ 8 ਮੁਕੱਦਮੇ ਦਰਜ, 6 ਵਿਅਕਤੀ ਗ੍ਰਿਫਤਾਰ
20 ਮੋਬਾਇਲ ਫੋਨ ਕਬਜ਼ੇ ਵਿੱਚ ਲਏ, 15 ਮੋਟਰਸਾਇਕਲ ਵੀ ਕੀਤੇ ਜਬਤ
ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਸਹਿਯੋਗ ਮੰਗਿਆ
ਸੁਨਾਮ ਉਧਮ ਸਿੰਘ ਵਾਲਾ/ ਸੰਗਰੂਰ, 1 ਮਾਰਚ : ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਨਸ਼ਾ ਤਸਕਰੀ ਨੂੰ ਮੁਕੰਮਲ ਤੌਰ ‘ਤੇ ਠੱਲ੍ਹ ਪਾਉਣ ਲਈ ਨਸ਼ੇ ਦਾ ਧੰਦਾ ਕਰਨ ਵਾਲੇ ਗੈਰ ਸਮਾਜਿਕ ਅਨਸਰਾਂ ਖਿਲਾਫ ਚਲਾਈ ਗਈ ਮੁਹਿੰੰਮ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ‘ ਯੁੱਧ ਨਸ਼ਿਆਂ ਵਿਰੁੱਧ ‘ ਤਹਿਤ ਜ਼ਿਲ੍ਹਾ ਸੰਗਰੂਰ ਦੇ “ਡਰੱਗ ਹਾਟ ਸਪਾਟ” ਏਰੀਆ ਦੀ ਸਰਚ ਦੌਰਾਨ ਐਕਸਾਇਜ ਐਕਟ ਤਹਿਤ 8 ਮੁਕੱਦਮੇ ਦਰਜ ਕਰਕੇ 6 ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ । ਅੱਜ ਸੁਨਾਮ ਸ਼ਹਿਰ ਵਿਖੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਇਸ ਮੁਹਿੰਮ ਦੀ ਖੁਦ ਅਗਵਾਈ ਕੀਤੀ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਉੱਤੇ ਅਧਾਰਤ ਵੱਖ-ਵੱਖ ਟੀਮਾਂ ਵੱਲੋਂ ਕੀਤੀ ਗਈ ਜਾਂਚ ਪੜਤਾਲ ਦੌਰਾਨ 20 ਮੋਬਾਇਲ ਫੋਨ ਕਬਜ਼ੇ ਵਿੱਚ ਲਏ ਗਏ ਅਤੇ 15 ਮੋਟਰਸਾਇਕਲ ਜਬਤ ਕੀਤੇ ਗਏ ਜਿਨ੍ਹਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ । ਇਸ ਮੌਕੇ ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜਿਲਾ ਸੰਗਰੂਰ ਵਿੱਚ 9 ਪੁਲਸ ਗਜ਼ਟਿਡ ਅਫਸਰਾਂ, 6 ਇੰਸਪੈਕਟਰ/ਮੁੱਖ ਅਫਸਰਾਂ ਸਮੇਤ 325 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਡਰੱਗ ਹਾਟ ਸਪਾਟ ਏਰੀਆ ਦੀ ਸਰਚ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਲੋਕਾਂ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਪੁਲਸ ਦਾ ਸਾਥ ਦੇਣ ਲਈ ਅਪੀਲ ਕੀਤੀ ਹੈ । ਉਹਨਾਂ ਨੇ ਦੱਸਿਆ ਕਿ ਵਿਦਿਅਕ ਅਦਾਰਿਆਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਸੁਚੇਤ ਕਰਨ । ਐਸ. ਐਸ. ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਨਸ਼ਿਆਂ ਖਿਲਾਫ ਜੰਗ ਜੋਸ਼ੋ ਖਰੋਸ਼ ਨਾਲ ਜਾਰੀ ਹੈ ।
