ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ

ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਕੈਂਪਸ ਪਹੁੰਚਣ `ਤੇ ਸਵਾਗਤ
-ਵਾਈਸ ਚਾਂਸਲਰ ਵੱਲੋਂ ਵੱਖ-ਵੱਖ ਮੀਟਿੰਗਾਂ `ਚ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ
ਪਟਿਆਲਾ, 24 ਫਰਵਰੀ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਯੂਨੀਵਰਿਸਟੀ ਕੈਂਪਸ ਵਿੱਚ ਪਹੁੰਚਣ ਉੱਤੇ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨੀ ਅਤੇ ਰਜਿਸਟਰਾਰ ਪ੍ਰੋ. ਸੰਜੀਵ ਪੁਰੀ ਦੀ ਅਗਵਾਈ ਵਿੱਚ ਅਧਿਆਪਨ ਅਤੇ ਗ਼ੈਰ ਅਧਿਆਪਨ ਅਮਲੇ ਦੇ ਪ੍ਰਤੀਨਿਧੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ । ਜ਼ਿਕਰਯੋਗ ਹੈ ਕਿ ਉੱਘੇ ਸਿੱਖਿਆ ਸ਼ਾਸਤਰੀ ਅਤੇ ਗੁਰੂ ਨਾਨਕ ਦੇਵ ਅਮ੍ਰਿਤਸਰ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ । ਇਸ ਤੋਂ ਬਾਅਦ ਪ੍ਰੋ. ਕਰਮਜੀਤ ਸਿੰਘ ਨੇ ਵੱਖ-ਵੱਖ ਮੀਟਿੰਗਾਂ ਦੌਰਾਨ ਯੂਨੀਵਰਸਿਟੀ ਦੇ ਕੰਮ-ਕਾਜ ਦਾ ਜਾਇਜ਼ਾ ਲਿਆ । ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਨੇ ਸਿੱਖਿਆ ਦੇ ਪ੍ਰਸਾਰ ਲਈ ਮਹੱਤਵਪੂਰਨ ਯੋਗਦਾਨ ਦਿੱਤਾ ਹੈ ਅਤੇ ਇਸ ਕਾਰਜ ਨੂੰ ਅੱਗੇ ਹੋਰ ਗਤੀ ਦੇਣਾ ਸਾਡਾ ਸਾਰਿਆਂ ਦਾ ਫਰਜ਼ ਹੈ । ਪ੍ਰੋ. ਕਰਮਜੀਤ ਸਿੰਘ ਨੇ ਯੂਨੀਵਰਸਿਟੀ ਦੇ ਪ੍ਰਬੰਧਕੀ ਅਤੇ ਅਕਾਦਮਿਕ ਮਿਆਰ ਨੂੰ ਹੋਰ ਉੱਚਾ ਚੁੱਕਣ ਵਾਸਤੇ ਪ੍ਰੂਰੀ ਦ੍ਰਿੜਤਾ ਅਤੇ ਲਗਨ ਦੇ ਨਾਲ਼ ਕੰਮ ਕਰਨ ਲਈ ਅਧਿਕਾਰੀਆਂ ਨੂੰ ਆਖਿਆ ਤਾਂ ਜੋ ਯੂਨੀਵਰਸਿਟੀ ਦੇ ਮਿਆਰ ਅਤੇ ਸ਼ਾਨ ਵਿੱਚ ਹੋਰ ਵਾਧਾ ਹੋ ਸਕੇ । ਇਨ੍ਹਾਂ ਮੀਟਿੰਗਾਂ ਵਿੱਚ ਡੀਨ ਅਕਾਦਮਿਕ ਮਾਮਲੇ ਪ੍ਰੋ. ਨਰਿੰਦਰ ਕੌਰ ਮੁਲਤਾਨ, ਰਜਿਸਟਰਾਰ ਪ੍ਰੋ. ਸੰਜੀਵ ਪੁਰੀ, ਵਿੱਤ ਅਫ਼ਸਰ ਡਾ. ਪ੍ਰਮੋਦ ਅਗਰਵਾਲ, ਡੀਨ ਕਾਲਜ ਵਿਕਾਸ ਕੌਂਸਲ ਡਾ. ਬਲਰਾਜ ਸੈਣੀ, ਡਾਇਰੈਕਟਰ, ਯੋਜਨਾ ਅਤੇ ਨਿਰੀਖਣ ਡਾ. ਜਸਵਿੰਦਰ ਸਿੰਘ ਬਰਾੜ, ਵਾਈਸ ਚਾਂਸਲਰ ਦੇ ਡਿਪਟੀ ਰਜਿਸਟਰਾਰ ਰਣਜੀਤ ਸਿੰਘ ਆਦਿ ਹਾਜ਼ਰ ਸਨ । ਇਸੇ ਦੌਰਾਨ ਯੂਨੀਵਰਸਿਟੀ ਦੀਆਂ ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਨੇ ਵੀ ਵਾਈਸ ਚਾਂਸਲਰ ਦਾ ਯੂਨੀਵਰਸਿਟੀ ਪਹੁੰਚਣ ਉੱਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ।
