ਪੁਲਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੁਲਸ ਮੁਲਾਜ਼ਮਾਂ ਲਈ 10,000 ਰੁਪਏ ਰਿਸ਼ਵਤ ਲੈਣ ਵਾਲਾ ਇੱਕ ਆਮ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਭ੍ਰਿਸ਼ਟਾਚਾਰ ਕੇਸ ਵਿੱਚ ਜਾਂਚ ਅਧਿਕਾਰੀ ਏ. ਐਸ. ਆਈ. ਨੂੰ ਵੀ ਕੀਤਾ ਨਾਮਜ਼ਦ
ਚੰਡੀਗੜ੍ਹ, 24 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲ੍ਹਾ ਸੰਗਰੂਰ ਦੇ ਪਿੰਡ ਝਾੜੋਂ ਦੇ ਵਸਨੀਕ ਇੱਕ ਆਮ ਵਿਅਕਤੀ ਹਰਪ੍ਰੀਤ ਸਿੰਘ ਨੂੰ ਪੁਲਿਸ ਮੁਲਾਜ਼ਮਾਂ ਖਾਤਰ 10000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ । ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਸ ਕੇਸ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮੱਦਦ ਕਰਨ ਬਦਲੇ ਥਾਣੇਦਾਰ (ਐਸ. ਐਚ. ਓ.) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ, ਸਹਾਇਕ ਸਬ ਇੰਸਪੈਕਟਰ (ਏ. ਐਸ. ਆਈ.) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ । ਇਹ ਵੀ ਸਿੱਧ ਹੋਇਆ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ ਉਕਤ ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਲੈ ਚੁੱਕਾ ਹੈ । ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਤੇ ਏ. ਐਸ. ਆਈ. ਜਸਬੀਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7 ਏ ਅਤੇ ਭਾਰਤੀ ਨਿਆਏ ਸੰਹਿਤਾ (ਬੀ. ਐਨ. ਐਸ.) ਦੀ ਧਾਰਾ 61(2) ਤਹਿਤ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਐਸ. ਐਚ. ਓ. ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ ।
