ਐਸ.ਡੀ.ਐਮ ਦੁਧਨਸਾਧਾਂ ਨੇ ਫ਼ਸਲਾਂ ਦੇ ਖਰਾਬੇ ਦੀ ਚੱਲ ਰਹੀ ਗਿਰਦਾਵਰੀ ਦੇ ਕੰਮ ਦਾ ਲਿਆ ਜਾਇਜ਼ਾ
ਐਸ.ਡੀ.ਐਮ ਦੁਧਨਸਾਧਾਂ ਨੇ ਫ਼ਸਲਾਂ ਦੇ ਖਰਾਬੇ ਦੀ ਚੱਲ ਰਹੀ ਗਿਰਦਾਵਰੀ ਦੇ ਕੰਮ ਦਾ ਲਿਆ ਜਾਇਜ਼ਾ
-ਪਿੰਡ ਰੋਹੜ ਜਗੀਰ, ਦੇਵੀ ਨਗਰ, ਮਹਿਮੂਦਪੁਰ, ਰੁੜਕੀ ਤੇ ਹਰੀਗੜ੍ਹ ਪਿੰਡਾਂ ਦਾ ਕੀਤਾ ਦੌਰਾ
-ਸਬ ਡਵੀਜ਼ਨ ਦੁਧਨਸਾਧਾਂ ‘ਚ ਨੁਕਸਾਨੇ ਘਰਾਂ ਦੇ ਮਾਲਕਾਂ ਨੂੰ 8 ਲੱਖ 14 ਹਜ਼ਾਰ ਦੀ ਰਾਸ਼ੀ ਕੀਤੀ ਜਾਰੀ : ਕ੍ਰਿਪਾਲਵੀਰ ਸਿੰਘ
ਦੁਧਨਸਾਧਾਂ/ਪਟਿਆਲਾ, 5 ਅਗਸਤ:
ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਹੜ੍ਹਾਂ ਦੌਰਾਨ ਖਰਾਬ ਹੋਈ ਫ਼ਸਲ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਬ ਡਵੀਜਨ ਦੁਧਨਸਾਧਾਂ ਵਿੱਚ ਹੜ੍ਹਾਂ ਦੌਰਾਨ ਨੁਕਸਾਨੇ ਗਏ 39 ਘਰਾਂ ਦੇ ਮਾਲਕਾਂ ਨੂੰ 8 ਲੱਖ 14 ਹਜ਼ਾਰ ਰੁਪਏ ਦੀ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਹੜ੍ਹ ਪੀੜਤਾਂ ਨੂੰ ਜਲਦੀ ਮੁਆਵਜ਼ਾ ਦੇਣ ਦੇ ਆਦੇਸ਼ਾਂ ‘ਤੇ ਅਮਲ ਕਰਦਿਆਂ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ।
ਐਸ.ਡੀ.ਐਮ. ਕ੍ਰਿਪਾਲਵੀਰ ਸਿੰਘ ਨੇ ਅੱਜ ਪਿੰਡ ਰੋਹੜ ਜਗੀਰ, ਦੇਵੀ ਨਗਰ, ਮਹਿਮੂਦਪੁਰ, ਰੁੜਕੀ ਤੇ ਹਰੀਗੜ੍ਹ ਆਦਿ ਪਿੰਡਾਂ ਵਿੱਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਗਿਰਦਾਵਰੀ ਦਾ ਕੰਮ ਮੁਕੰਮਲ ਕਰਕੇ ਮੁਆਵਜ਼ਾ ਰਾਸ਼ੀ ਕਿਸਾਨਾਂ ਨੂੰ ਪ੍ਰਦਾਨ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਐਸ.ਡੀ.ਐਮਜ਼ ਸਮੇਤ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਪੀੜਤਾਂ ਦੀ ਮਦਦ ਲਈ ਕੰਮ ਕਰ ਰਿਹਾ ਹੈ ਤੇ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਵੀ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਹੈ ਕਿ ਗਿਰਦਾਵਰੀ ਦਾ ਕੰਮ ਜੰਗੀ ਪੱਧਰ ‘ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ ਫ਼ਸਲ ਖਰਾਬ ਹੋਈ ਹੈ, ਉਨ੍ਹਾਂ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਪਨੀਰੀ ਤਿਆਰ ਕਰ ਲਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਨੀਰੀ ਲਈ ਆਪਣੇ ਖੇਤਰ ਦੇ ਖੇਤੀਬਾੜੀ ਅਫ਼ਸਰ ਨਾਲ ਰਾਬਤਾ ਕਰਨ ਤੇ ਝੋਨੇ ਦੀ ਮੁਫ਼ਤ ਪਨੀਰੀ ਪ੍ਰਾਪਤ ਕਰਨ।